ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਢਾਈ ਹਜਾਰ ਵਿਰੁੱਧ ਚੰਡੀਗੜ੍ਹ ਵਿੱਚ ਐਫਆਈਆਰ ਦਰਜ
ਚੰਡੀਗੜ੍ਹ, 30 ਜੁਲਾਈ (ਹਿੰ.ਸ.)| ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਨਾਮਜਦ ਅਤੇ ਕਰੀਬ ਢਾਈ ਹਜਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ


ਚੰਡੀਗੜ੍ਹ, 30 ਜੁਲਾਈ (ਹਿੰ.ਸ.)| ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਨਾਮਜਦ ਅਤੇ ਕਰੀਬ ਢਾਈ ਹਜਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਬੁੱਧਵਾਰ ਨੂੰ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ ਦੇ ਸਬੰਧ ਵਿੱਚ ਕੀਤੀ ਗਈ ਹੈ।

ਐਫਆਈਆਰ ਵਿੱਚ ਮਨਪ੍ਰੀਤ ਸਿੰਘ ਇਆਲੀ ਤੋਂ ਇਲਾਵਾ ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਪਰਮਜੀਤ ਸਿੰਘ ਜੋਹਲ, ਚਮਕੌਰ ਸਿੰਘ ਧੁੰਨ ਅਤੇ ਇਮਾਨ ਸਿੰਘ ਖਾਰਾ ਸਮੇਤ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੇ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਕੱਢਿਆ ਸੀ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਸਨ, ਪਰ ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਹਾਲਾਤ ਕਾਬੂ ਕਰਨ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ। ਪੁਲਿਸ ਮੁਤਾਬਕ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚ ਕੁਝ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।

ਐਫਆਈਆਰ ਅਨੁਸਾਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਈ ਵਾਰ ਦੱਸਿਆ ਸੀ ਕਿ ਸ਼ਹਿਰ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪਾਬੰਦੀਆਂ ਲਾਗੂ ਹਨ ਅਤੇ ਉਨ੍ਹਾਂ ਨੂੰ ਸੈਕਟਰ-25 ਦੇ ਨਿਰਧਾਰਤ ਰੈਲੀ ਮੈਦਾਨ ਵਿੱਚ ਇਜਾਜ਼ਤ ਲੈ ਕੇ ਪ੍ਰਦਰਸ਼ਨ ਕਰਨ ਦੀ ਸਲਾਹ ਦਿੱਤੀ ਗਈ ਸੀ।

ਪੁਲਿਸ ਦਾ ਦੋਸ਼ ਹੈ ਕਿ ਪਾਰਟੀ ਦੇ ਕੁਝ ਆਗੂਆਂ ਦੇ ਨਿਰਦੇਸ਼ਾਂ 'ਤੇ ਸਮਰਥਕਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕੁਝ ਪ੍ਰਦਰਸ਼ਨਕਾਰੀ ਤਲਵਾਰਾਂ ਅਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਪੁਲਿਸ ਬੈਰੀਕੇਡ ਵੱਲ ਵਧੇ।

ਐਫਆਈਆਰ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੁਝ ਪ੍ਰਦਰਸ਼ਨਕਾਰੀ ਪਾਣੀ ਦੀ ਬੁਛਾੜ ਕਰਨ ਵਾਲੇ ਵਾਹਨ 'ਤੇ ਚੜ੍ਹ ਗਏ ਅਤੇ ਉਸ ਦੀ ਨੋਜ਼ਲ ਨੂੰ ਨੁਕਸਾਨ ਪਹੁੰਚਾਇਆ। ਇਸ ਦੇ ਨਾਲ ਹੀ ਵਾਹਨ ਚਾਲਕ ਨਾਲ ਵੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਗਈ। ਚੰਡੀਗੜ੍ਹ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 121(1), 132 ਅਤੇ 223 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande