
ਬਠਿੰਡਾ, 30 ਜੁਲਾਈ (ਹਿੰ.ਸ.)| ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਲਿਆਂਵਾਲੀ ਵਿੱਚ ਕਰਜ਼ੇ ਦੇ ਬੋਝ ਅਤੇ ਲਗਾਤਾਰ ਦੋ ਸਾਲਾਂ ਤੋਂ ਫਸਲਾਂ ਦੀ ਬਰਬਾਦੀ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਇੱਕ 45 ਸਾਲਾ ਕਿਸਾਨ ਨੇ ਜ਼ਹਿਰੀਲੀ ਕੀਟਨਾਸ਼ਕ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਥਾਣਾ ਬਾਲਿਆਂਵਾਲੀ ਦੇ ਐੱਸਐੱਚਓ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਹਿੰਦਰ ਰਾਮ ਪੁੱਤਰ ਰੂਪ ਚੰਦ ਪੰਡਿਤ ਵਜੋਂ ਹੋਈ ਹੈ, ਜੋ ਪਿੰਡ ਬਾਲਿਆਂਵਾਲੀ ਦਾ ਰਹਿਣ ਵਾਲਾ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੀ ਪਤਨੀ ਛਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਆਪਣੀ ਜ਼ਮੀਨ ਦੇ ਨਾਲ-ਨਾਲ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦੇ ਸਨ। ਖੇਤੀਬਾੜੀ ਲਈ ਉਨ੍ਹਾਂ ਨੇ ਬੈਂਕ ਅਤੇ ਹੋਰ ਸਰੋਤਾਂ ਤੋਂ ਕਰਜ਼ਾ ਲਿਆ ਹੋਇਆ ਸੀ।
ਪਰਿਵਾਰ ਮੁਤਾਬਕ ਪਿਛਲੇ ਸਾਲ ਵੀ ਫਸਲ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਇਸ ਸਾਲ ਹਾਲ ਹੀ ਵਿੱਚ ਪਈ ਭਾਰੀ ਗੜੇਮਾਰੀ ਕਾਰਨ ਕਣਕ ਦੀ ਪੂਰੀ ਫਸਲ ਤਬਾਹ ਹੋ ਗਈ, ਜਿਸ ਨਾਲ ਪਰਿਵਾਰ ਦੀ ਆਰਥਿਕ ਹਾਲਤ ਹੋਰ ਵੀ ਵਿਗੜ ਗਈ।
ਲਗਾਤਾਰ ਹੋਏ ਨੁਕਸਾਨ ਅਤੇ ਵਧਦੇ ਕਰਜ਼ੇ ਕਾਰਨ ਮਹਿੰਦਰ ਰਾਮ ਟਰੈਕਟਰ ਦੀਆਂ ਕਿਸ਼ਤਾਂ ਅਤੇ ਬੈਂਕ ਦਾ ਬਕਾਇਆ ਅਦਾ ਕਰਨ ਵਿੱਚ ਅਸਮਰੱਥ ਸਨ। ਇਸੇ ਆਰਥਿਕ ਤੰਗੀ ਅਤੇ ਮਾਨਸਿਕ ਦਬਾਅ ਦੇ ਚਲਦਿਆਂ ਉਨ੍ਹਾਂ ਨੇ 29 ਅਤੇ 30 ਜੁਲਾਈ ਦੀ ਦਰਮਿਆਨੀ ਰਾਤ ਘਰ ਵਿੱਚ ਪਈ ਕੀਟਨਾਸ਼ਕ ਜ਼ਹਿਰੀਲੀ ਦਵਾਈ ਨਿਗਲ ਲਈ। ਪਰਿਵਾਰ ਵੱਲੋਂ ਤੁਰੰਤ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਮੌਤ ਹੋ ਗਈ। ਐੱਸਐੱਚਓ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 194 ਅਧੀਨ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH