
ਚੰਡੀਗੜ੍ਹ, 30 ਜੁਲਾਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹਰਿਆਣਾ ਅੱਜ ਦੇਸ਼ ਦਾ ਸਪੋਰਟਸ ਪਾਵਰਹਾਊਸ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਬਾਦੀ ਦੇਸ਼ ਦੀ ਕੁੱਲ ਆਬਾਦੀ ਦਾ ਸਿਰਫ਼ 2 ਫੀਸਦੀ ਹੈ, ਪਰ ਓਲੰਪਿਕ, ਪੈਰਾਲੰਪਿਕ, ਏਸ਼ੀਆਈ ਖੇਡਾਂ ਅਤੇ ਕਾਮਨਵੈਲਥ ਖੇਡਾਂ ਵਿੱਚ ਹਰਿਆਣਾ ਦੇ ਖਿਡਾਰੀ ਸਭ ਤੋਂ ਵੱਧ ਤਗਮੇ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਮੁੱਖ ਮੰਤਰੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਸਪੋਰਟਸ ਫਿਟਨੈਸ ਅਤੇ ਇਨਫਰਾਸਟਰਕਚਰ ਐਕਸਪੋ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖ ਮਾਂਡਵੀਆ ਵੀ ਮੌਜੂਦ ਸਨ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਐਕਸਪੋ ਸਿਰਫ਼ ਇੱਕ ਪ੍ਰਦਰਸ਼ਨੀ ਨਹੀਂ, ਸਗੋਂ ਨੌਜਵਾਨਾਂ ਦੀ ਸਮਰੱਥਾ, ਸੁਪਨਿਆਂ ਅਤੇ ਸੰਕਲਪਾਂ ਦਾ ਮੰਚ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਖੇਡਾਂ ਨੂੰ ਨਵੀਂ ਦਿਸ਼ਾ ਮਿਲੀ ਹੈ। ਫਿੱਟ ਇੰਡੀਆ ਅਤੇ ਖੇਡੋ ਇੰਡੀਆ ਵਰਗੀਆਂ ਮੁਹਿੰਮਾਂ ਨੇ ਖੇਡਾਂ ਨੂੰ ਸਿਰਫ਼ ਮੁਕਾਬਲੇ ਤੱਕ ਸੀਮਿਤ ਨਾ ਰੱਖ ਕੇ ਰਾਸ਼ਟਰ ਨਿਰਮਾਣ ਦੀ ਮੁਹਿੰਮ ਬਣਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਖੇਡਾਂ ਦੀ ਮਜ਼ਬੂਤ ਸੰਸਕ੍ਰਿਤੀ ਅਤੇ ਖਿਡਾਰੀਆਂ ਲਈ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਨੂੰ ਦੇਸ਼ ਦੀ ਵੱਡੀ ਖੇਡ ਸ਼ਕਤੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਮਿੱਟੀ ਵਿੱਚ ਸੰਘਰਸ਼ ਅਤੇ ਮਿਹਨਤ ਦੀ ਭਾਵਨਾ ਹੈ, ਜੋ ਖਿਡਾਰੀਆਂ ਨੂੰ ਪਿੰਡਾਂ ਦੇ ਮੈਦਾਨਾਂ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਲੈ ਜਾਂਦੀ ਹੈ।
ਤਗਮਾ ਜੇਤੂਆਂ ਨੂੰ 6 ਕਰੋੜ ਰੁਪਏ ਤੱਕ ਦਾ ਇਨਾਮ
ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਓਲੰਪਿਕ, ਏਸ਼ੀਆਈ ਅਤੇ ਕਾਮਨਵੈਲਥ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ 6 ਕਰੋੜ ਰੁਪਏ ਤੱਕ ਦਾ ਨਕਦ ਇਨਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ 17,182 ਖਿਡਾਰੀਆਂ ਨੂੰ 730 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ 8 ਤੋਂ 14 ਸਾਲ ਤੱਕ ਦੇ ਖਿਡਾਰੀਆਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ 15 ਤੋਂ 19 ਸਾਲ ਤੱਕ ਦੇ ਖਿਡਾਰੀਆਂ ਨੂੰ 2,000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 260 ਉੱਤਮ ਖਿਡਾਰੀਆਂ ਨੂੰ ਗਰੁੱਪ ਏ, ਬੀ ਅਤੇ ਸੀ ਸ਼੍ਰੇਣੀ ਵਿੱਚ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਇਨਫਰਾਸਟਰਕਚਰ ਨੂੰ ਮਜ਼ਬੂਤ ਕਰਨ ਲਈ ਪਿਛਲੇ 12 ਸਾਲਾਂ ਦੌਰਾਨ ਲਗਭਗ 1,100 ਕਰੋੜ ਰੁਪਏ ਖਰਚ ਕੀਤੇ ਗਏ ਹਨ। ਹਰਿਆਣਾ ਵਿੱਚ ਕਰੀਬ 2,000 ਖੇਡ ਨਰਸਰੀਆਂ ਅਤੇ 25 ਖੇਡ ਅਕਾਦਮੀਆਂ ਚਲਾਈਆਂ ਜਾ ਰਹੀਆਂ ਹਨ, ਜਿੱਥੇ ਖਿਡਾਰੀਆਂ ਨੂੰ ਰੋਜ਼ਾਨਾ 500 ਰੁਪਏ ਪ੍ਰਤੀ ਖਿਡਾਰੀ ਡਾਈਟ ਭੱਤਾ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਚਕੂਲਾ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਉੱਤਰ ਭਾਰਤ ਦਾ ਪਹਿਲਾ ਅਤਿ-ਆਧੁਨਿਕ ਵਿਗਿਆਨਕ ਸਿਖਲਾਈ ਅਤੇ ਰਿਹੈਬਿਲਿਟੇਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH