
ਅੰਮ੍ਰਿਤਸਰ, 30 ਜੁਲਾਈ (ਹਿੰ.ਸ.)| ਜ਼ਿਲ੍ਹੇ ਦੇ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ (ਸੋਲਿਡ ਵੇਸਟ ਮੈਨੇਜਮੈਂਟ) ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਚਾਇਤਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 31 ਅਕਤੂਬਰ 2026 ਤੱਕ ਜ਼ਿਲ੍ਹੇ ਦੇ 50 ਫ਼ੀਸਦੀ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਦੀ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ।ਮੀਟਿੰਗ ਵਿੱਚ ਏਡੀਸੀ ਨੇ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਬਣਾਉਣ ਲਈ ਘਰ-ਘਰ ਤੋਂ ਗਿੱਲਾ, ਸੁੱਕਾ, ਸੈਨੇਟਰੀ ਅਤੇ ਖ਼ਤਰਨਾਕ ਕੂੜਾ ਵੱਖ-ਵੱਖ ਇਕੱਠਾ ਕਰਕੇ ਉਸ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਕੇ ਖੇਤੀਬਾੜੀ ਵਿੱਚ ਵੀ ਵਰਤੀ ਜਾ ਸਕਦੀ ਹੈ।ਉਨ੍ਹਾਂ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ, ਬੀ.ਆਰ.ਸੀ. ਅਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਸੋਲਿਡ ਵੇਸਟ ਮੈਨੇਜਮੈਂਟ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।ਮੀਟਿੰਗ ਦੌਰਾਨ ਰਾਊਂਡ ਗਲਾਸ ਫਾਊਂਡੇਸ਼ਨ ਦੇ ਕੋਆਰਡੀਨੇਟਰ ਰੇਸ਼ਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਸੋਲਿਡ ਵੇਸਟ ਮੈਨੇਜਮੈਂਟ ਕੇਂਦਰਾਂ ਰਾਹੀਂ ਉਸ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ 31 ਅਕਤੂਬਰ 2026 ਤੱਕ ਜ਼ਿਲ੍ਹੇ ਦੇ 430 ਪਿੰਡਾਂ (ਕੁੱਲ 50 ਫ਼ੀਸਦੀ ਪਿੰਡਾਂ) ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਵੱਖ-ਵੱਖ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਨੁਮਾਇੰਦੇ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH