

ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਪ੍ਰਦਰਸ਼ਨਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗਚੰਡੀਗੜ੍ਹ, 30 ਜੁਲਾਈ (ਹਿੰ.ਸ.)| ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਵੀਰਵਾਰ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਰੂਪਨਗਰ, ਮੋਗਾ, ਤਰਨਤਾਰਨ, ਪਠਾਨਕੋਟ ਅਤੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ 'ਤੇ ਸਫਾਈ ਕਰਮਚਾਰੀਆਂ, ਵਾਲਮੀਕੀ ਸਮਾਜ, ਵਪਾਰੀ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਨੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਕੱਚੇ ਸਫਾਈ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ।ਰੂਪਨਗਰ ਵਿੱਚ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਸਫਾਈ ਕਰਮਚਾਰੀਆਂ ਨੇ ਬੇਲਾ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਤੇ ਚੇਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ ਅਤੇ ਸ਼ਹਿਰ ਵਿੱਚੋਂ ਕੂੜਾ ਨਹੀਂ ਚੁੱਕਿਆ ਜਾਵੇਗਾ।ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਕੁਝ ਲੋਕਾਂ ਨਾਲ ਗੱਲਬਾਤ ਕਰਕੇ ਹੜਤਾਲ ਖ਼ਤਮ ਹੋਣ ਦਾ ਐਲਾਨ ਕਰ ਦਿੱਤਾ, ਜਦਕਿ ਮੁੱਖ ਨੁਮਾਇੰਦਿਆਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਦੇ ਅਗਲੇ ਹੁਕਮਾਂ ਤੱਕ ਅੰਦੋਲਨ ਜਾਰੀ ਰਹੇਗਾ। ਸ਼ੇਰੇ ਪੰਜਾਬ ਕਿਸਾਨ ਯੂਨੀਅਨ ਨੇ ਵੀ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਸਮਰਥਨ ਦਾ ਐਲਾਨ ਕੀਤਾ।ਮੋਗਾ ਵਿੱਚ ਵੀ ਬੰਦ ਦਾ ਵਿਆਪਕ ਅਸਰ ਰਿਹਾ। ਸ਼ਹਿਰ ਦੇ ਮੁੱਖ ਬਾਜ਼ਾਰ, ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਰਹੇ। ਵਪਾਰੀਆਂ, ਦੁਕਾਨਦਾਰਾਂ ਅਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੇ ਅੰਦੋਲਨ ਨੂੰ ਸਮਰਥਨ ਦਿੱਤਾ। ਸਫਾਈ ਕਰਮਚਾਰੀ ਯੂਨੀਅਨ ਨੇ ਸਰਕਾਰ 'ਤੇ ਕਰਮਚਾਰੀ ਵਿਰੋਧੀ ਨੀਤੀਆਂ ਅਪਣਾਉਣ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ।ਤਰਨਤਾਰਨ ਵਿੱਚ ਵੀ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਸ ਲੜਾਈ ਨੂੰ ਆਰ-ਪਾਰ ਦੀ ਲੜਾਈ ਕਰਾਰ ਦਿੰਦਿਆਂ ਸਰਕਾਰ ਨੂੰ ਅੰਦੋਲਨ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ।ਬਠਿੰਡਾ ਵਿੱਚ ਬੰਦ ਦਾ ਅੰਸ਼ਿਕ ਅਸਰ ਰਿਹਾ। ਕੁਝ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ, ਜਦਕਿ ਕਈ ਥਾਵਾਂ 'ਤੇ ਕਾਰੋਬਾਰ ਆਮ ਵਾਂਗ ਚੱਲਦਾ ਰਿਹਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀਐਸਪੀ ਦਾ ਪੁਤਲਾ ਫੂਕਿਆ। ਕਰਮਚਾਰੀ ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਵੀ ਸਫਾਈ ਕਰਮਚਾਰੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸੇਵਾਵਾਂ ਨਿਭਾਈਆਂ, ਪਰ ਉਨ੍ਹਾਂ 'ਤੇ ਲਾਠੀਚਾਰਜ ਕਰਨਾ ਨਿੰਦਣਯੋਗ ਹੈ।ਪਠਾਨਕੋਟ ਵਿੱਚ ਮੁੱਖ ਬਾਜ਼ਾਰ ਦੁਪਹਿਰ ਤੱਕ ਬੰਦ ਰਹੇ, ਜਦਕਿ ਗਲੀਆਂ-ਮੁਹੱਲਿਆਂ ਦੀਆਂ ਕਈ ਦੁਕਾਨਾਂ ਖੁੱਲ੍ਹੀਆਂ ਰਹੀਆਂ। ਨਗਰ ਨਿਗਮ ਦੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਡਰਾਈਵਰ ਯੂਨੀਅਨ ਨੇ ਕੰਮਕਾਜ ਠੱਪ ਕਰਕੇ ਨਿਗਮ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ। ਵਪਾਰ ਮੰਡਲ ਨੇ ਵੀ ਬੰਦ ਦਾ ਸਮਰਥਨ ਕੀਤਾ। ਵਪਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗਣ ਕਾਰਨ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ ਅਤੇ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH