
ਫਿਰੋਜ਼ਪੁਰ, 30 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਿੱਖ ਪੰਥ ਦੀ ਏਕਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦੇ ਮੰਤਵ ਨਾਲ ਚੱਲ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦੇ ਸੱਤਵੇਂ ਦਿਨ ਗੁਰਦੁਆਰਾ ਜਾਮਨੀ ਸਾਹਿਬ, ਬਜੀਦਪੁਰ (ਫਿਰੋਜ਼ਪੁਰ) ਤੋਂ ਅਗਲੇ ਪੜਾਅ ਲਈ ਗੁਰਦੁਆਰਾ ਖਾਲਸਾ ਦੀਵਾਨ, ਫਰੀਦਕੋਟ ਵੱਲ ਰਵਾਨਗੀ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮਾਰਚ ਦਾ ਨਿੱਘਾ ਸਵਾਗਤ ਕੀਤਾ ਅਤੇ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ।ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਸਦੀਵੀ ਅਤੇ ਸਰਵਉੱਚ ਅਸਥਾਨ ਹੈ, ਜਿਸ ਨਾਲ ਟਕਰਾਉਣ ਵਾਲੀਆਂ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਧਾਰਮਿਕ ਅਤੇ ਅੰਦਰੂਨੀ ਮਾਮਲਿਆਂ ਬਾਰੇ ਫ਼ੈਸਲੇ ਸਿਰਫ਼ ਗੁਰੂ ਪੰਥ ਦੀ ਪਰੰਪਰਾ ਅਤੇ ਮਰਯਾਦਾ ਅਨੁਸਾਰ ਹੀ ਹੋ ਸਕਦੇ ਹਨ ਅਤੇ ਕਿਸੇ ਵੀ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਸਬੰਧਿਤ ਫ਼ੈਸਲੇ ਸਿੱਖ ਪੰਥ ਦੀ ਮਰਯਾਦਾ ਅਨੁਸਾਰ ਹੀ ਹੋਣਗੇ। ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਪਰ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੌਜਵਾਨਾਂ ਨੂੰ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਦਿੱਤਾ ਸੀ, ਜਿਸ ਅਨੁਸਾਰ ਰਾਜਸੱਤਾ ਧਰਮ ਦੇ ਅਧੀਨ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤ ਨੂੰ ਗੁਰੂ ਨਾਲ ਜੋੜਨਾ, ਸਿੱਖੀ ਸਿਧਾਂਤਾਂ ਨੂੰ ਮਜ਼ਬੂਤ ਕਰਨਾ ਅਤੇ ਪੰਥ ਵਿੱਚ ਏਕਤਾ ਦਾ ਸੰਦੇਸ਼ ਦੇਣਾ ਹੈ।ਧਾਮੀ ਨੇ ਕਿਹਾ ਕਿ ਅੱਜ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਗੁਰਬਾਣੀ, ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾਵੇ ਤਾਂ ਜੋ ਉਹ ਆਪਣੀ ਵਿਰਾਸਤ ਅਤੇ ਪੰਥਕ ਕਦਰਾਂ-ਕੀਮਤਾਂ ਨੂੰ ਸਮਝ ਸਕਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਸਿੱਖ ਕੌਮ ਦੀ ਸ਼ਾਨ ਹੈ ਅਤੇ ਇਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨੂੰ ਪੰਥ ਕਦੇ ਸਵੀਕਾਰ ਨਹੀਂ ਕਰੇਗਾ।ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਦਿਆਂ ਵਿਚਾਰ ਸਾਂਝੇ ਕੀਤੇ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕੀਤਾ ਗਿਆ, ਜਦਕਿ ਚੌਰ ਸਾਹਿਬ ਦੀ ਸੇਵਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ।ਮੀਰੀ-ਪੀਰੀ ਖਾਲਸਾ ਮਾਰਚ ਦਾ ਫਿਰੋਜ਼ਪੁਰ ਸ਼ਹਿਰ, ਨੂਰਪੁਰ ਸੇਠਾਂ, ਰੁਕਣਾ ਬੇਗੂ, ਸਾਈਆਂਵਾਲਾ, ਗੋਲੇਵਾਲਾ, ਰਾਜੋਆਣਾ, ਨਵੀਂ ਪਿੱਪਲੀ, ਬਸਤੀ ਨਾਨਕਸਰ, ਸਾਦਿਕ ਚੌਂਕ, ਘੰਟਾ ਘਰ ਚੌਂਕ ਅਤੇ ਫਰੀਦਕੋਟ ਸਮੇਤ ਕਈ ਥਾਵਾਂ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਨਾਲ ਸਜੀ ਵਿਸ਼ੇਸ਼ ਬੱਸ ਅਤੇ ਸ਼ਹੀਦਾਂ ਦੇ ਸਚਿੱਤਰ ਵੀ ਸੰਗਤਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਰਹੇ। ਮਾਰਚ ਦਾ ਅੱਜ ਰਾਤ ਦਾ ਪੜਾਅ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਹੋਵੇਗਾ, ਜਿੱਥੋਂ ਇਹ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH