
ਅੰਮ੍ਰਿਤਸਰ, 30 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਰੀ-ਪੀਰੀ ਦਾ ਸਿਧਾਂਤ ਸਪੱਸ਼ਟ ਕਰਦਾ ਹੈ ਕਿ ਰਾਜਨੀਤੀ ਧਰਮ ਦੇ ਅਧੀਨ ਹੈ, ਨਾ ਕਿ ਧਰਮ ਕਿਸੇ ਸਿਆਸੀ ਸੱਤਾ ਦੇ ਅਧੀਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਆਪਣੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਸਵੀਕਾਰ ਨਹੀਂ ਕਰ ਸਕਦਾ।ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਗੜਗੱਜ ਨੇ ਕਿਹਾ ਕਿ ਕੁਝ ਤਾਕਤਾਂ ਸਿਆਸੀ ਹੰਕਾਰ ਦੇ ਵੱਸ ਹੋ ਕੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਨ੍ਹਾਂ ਦੀ ਪਛਾਣ ਕਰਨੀ ਅਤੇ ਉਨ੍ਹਾਂ ਤੋਂ ਸੁਚੇਤ ਰਹਿਣਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮਕਸਦ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਜੋੜਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਗੁਰਮਤਿ ਦਾ ਸੰਦੇਸ਼ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਪਹੁੰਚਾਉਣਾ ਹੈ।ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ੀ ਗੁਰਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਰਹਿ ਕੇ ਹੀ ਸਿੱਖ ਪੰਥ ਚੜ੍ਹਦੀ ਕਲਾ ਵਿੱਚ ਰਹਿ ਸਕਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰਬਾਣੀ ਨਾਲ ਜੁੜਨ, ਨਸ਼ਿਆਂ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸਾਵਧਾਨ ਰਹਿਣ, ਆਪਸੀ ਭਾਈਚਾਰਾ ਮਜ਼ਬੂਤ ਕਰਨ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਲੈਣ।
ਹਿੰਦੂਸਥਾਨ ਸਮਾਚਾਰ / GURSHARAN SINGH