
ਫਰੀਦਕੋਟ, 31 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕੀਤਾ।ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਦਾ ਇੱਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ 'ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਾਉਣ ਲਈ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ।ਜਥੇਦਾਰ ਗੜਗੱਜ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਦਾਹੜੀ-ਕੇਸ ਸਾਂਭਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਸਾਜ਼ਿਸ਼ਾਂ ਪ੍ਰਤੀ ਸਚੇਤ ਰਹਿਣ ਦੀ ਲੋੜ ਹੈ।ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢੇ ਜਾ ਰਹੇ ਇਸ ਮਾਰਚ ਦੌਰਾਨ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਵੀ ਕੀਤੇ।ਇਹ ਖਾਲਸਾ ਮਾਰਚ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਰਾਤ ਦੇ ਵਿਸ਼ਰਾਮ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਇਹ ਮਾਰਚ ਗੁਰਦੁਆਰਾ ਖਾਲਸਾ ਦੀਵਾਨ ਤੋਂ ਰਵਾਨਾ ਹੋਇਆ। ਫਰੀਦਕੋਟ ਸ਼ਹਿਰ ਤੋਂ ਇਲਾਵਾ ਪਿੰਡ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਥਾਵਾਂ 'ਤੇ ਸੰਗਤ ਨੇ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH