
ਕਪੂਰਥਲਾ, 31 ਜੁਲਾਈ (ਹਿੰ.ਸ.)| ਕਪੂਰਥਲਾ ਦੇ ਸੁਲਤਾਨਪੁਰ ਲੋਧੀ ਥਾਣਾ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਨਾਜਾਇਜ਼ ਹਥਿਆਰ, ਇੱਕ ਦਾਤਰ ਅਤੇ ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ ਬਰਾਮਦ ਕੀਤੀ ਹੈ। ਇਹ ਕਾਰਵਾਈ ਐੱਸਐੱਸਪੀ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ, ਐੱਸਪੀ ਹਰਿੰਦਰ ਸਿੰਘ ਦੀ ਰਹਿਨੁਮਾਈ ਅਤੇ ਡੀਐੱਸਪੀ ਧਰਿੰਦਰ ਵਰਮਾ ਦੀ ਨਿਗਰਾਨੀ ਹੇਠ ਐੱਸਐੱਚਓ ਦਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਅੰਜਾਮ ਦਿੱਤੀ।ਪੁਲਿਸ ਮੁਤਾਬਕ, ਇਹ ਗਿਰੋਹ ਲੰਬੇ ਸਮੇਂ ਤੋਂ ਸੁਲਤਾਨਪੁਰ ਲੋਧੀ ਵਿੱਚ ਪਵਿੱਤਰ ਕਾਲੀ ਬੇਈਂ ਦੇ ਕੰਢੇ ਸਥਿਤ ਸੁੰਨਸਾਨ ਰਸਤਿਆਂ ਅਤੇ ਕਸਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਰਾਹਗੀਰਾਂ ਨੂੰ ਹਥਿਆਰਾਂ ਦੀ ਨੋਕ 'ਤੇ ਡਰਾ ਕੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਗੁਪਤ ਸੂਚਨਾ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਘੇਰਾਬੰਦੀ ਕਰਕੇ ਗਿਰੋਹ ਦੇ ਤਿੰਨੋਂ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਅਤਿ-ਆਧੁਨਿਕ 30 ਬੋਰ ਦੀ ਤੁਰਕੀ ਬਣੀ ਪਿਸਤੌਲ, ਮੈਗਜ਼ੀਨ ਸਮੇਤ ਦੋ ਜ਼ਿੰਦਾ ਕਾਰਤੂਸ, ਇੱਕ ਦਾਤਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮ ਵਾਰਦਾਤ ਤੋਂ ਬਾਅਦ ਫ਼ਰਾਰ ਹੋਣ ਲਈ ਇਸ ਮੋਟਰਸਾਈਕਲ ਦੀ ਵਰਤੋਂ ਕਰਦੇ ਸਨ।ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿੱਚ ਆਰਮਜ਼ ਐਕਟ ਅਤੇ ਹੋਰ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH