
ਫ਼ਰੀਦਕੋਟ, 31 ਜੁਲਾਈ (ਹਿੰ.ਸ.)| ਫ਼ਰੀਦਕੋਟ ਵਿੱਚ ਹਾਲ ਹੀ ਵਿੱਚ ਹੋਈ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਕਥਿਤ ਪੇਪਰ ਲੀਕ ਅਤੇ ਨਕਲ ਦੇ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਦੀ ਵੀ ਬਦਲੀ ਕੀਤੀ ਗਈ ਸੀ। ਹੁਣ ਮੈਡੀਕਲ ਸੁਪਰਡੈਂਟ ਨੂੰ ਹਟਾਏ ਜਾਣ ਤੋਂ ਬਾਅਦ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਨਾਲ ਜੁੜੇ ਮਾਮਲੇ ਨੂੰ ਲੈ ਕੇ ਪ੍ਰਸ਼ਾਸਨਿਕ ਪੱਧਰ ’ਤੇ ਹੋ ਰਹੀਆਂ ਤਬਦੀਲੀਆਂ ਹੋਰ ਤੇਜ਼ ਹੋ ਗਈਆਂ ਹਨ।
ਸਰਕਾਰ ਦੇ ਤਾਜ਼ਾ ਹੁਕਮਾਂ ਅਨੁਸਾਰ ਡਾ. ਅਮਰਵੀਰ ਸਿੰਘ ਬੌਪਰਾਏ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਨਵਾਂ ਮੈਡੀਕਲ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਡਾ. ਬੌਪਰਾਏ ਚਮੜੀ ਰੋਗਾਂ ਦੇ ਮਾਹਿਰ ਹਨ ਅਤੇ ਉਹ ਪਹਿਲਾਂ ਤੋਂ ਹੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਸੇਵਾਵਾਂ ਨਿਭਾ ਰਹੇ ਸਨ। ਨਿਯੁਕਤੀ ਤੋਂ ਬਾਅਦ ਡਾ. ਅਮਰਵੀਰ ਸਿੰਘ ਬੌਪਰਾਏ ਨੇ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਹਸਪਤਾਲ ਦਾ ਪ੍ਰਸ਼ਾਸਨਿਕ ਕੰਮਕਾਜ ਸ਼ੁਰੂ ਕਰ ਦਿੱਤਾ ਹੈ।
ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਅਤੇ ਨਕਲ ਦੇ ਮਾਮਲੇ ਤੋਂ ਬਾਅਦ ਸਰਕਾਰ ਵੱਲੋਂ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ ਦੇ ਅਹੁਦੇ ਤੋਂ ਇਲਾਵਾ ਯੂਨੀਵਰਸਿਟੀ ਹਸਪਤਾਲ ਨਾਲ ਸਬੰਧਤ ਕਈ ਹੋਰ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਵੀ ਸੰਭਾਲ ਰਹੇ ਸਨ। ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਦੀ ਬਦਲੀ ਹੋ ਚੁੱਕੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH