
ਤਰਨਤਾਰਨ, 31 ਜੁਲਾਈ (ਹਿੰ.ਸ.)| ਤਰਨਤਾਰਨ ਦੀ ਨਵੀਂ ਅਨਾਜ ਮੰਡੀ ਵਿੱਚ 23 ਜੁਲਾਈ ਨੂੰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਕੌਂਸਲਰ ਸ਼ਾਮ ਸਿੰਘ ਮੁਰਾਦਪੁਰਾ ਦਾ ਪੁੱਤਰ ਜਸ਼ਨਦੀਪ ਉਰਫ਼ ਜਸ਼ਨ ਅਤੇ ਉਸ ਦਾ ਸਾਥੀ ਕਰਨ ਉਰਫ਼ ਕਰਨ ਯੂਪੀ ਸ਼ਾਮਲ ਹਨ। ਪੁਲਿਸ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ।ਇਹ ਘਟਨਾ 23 ਜੁਲਾਈ ਦੀ ਦੁਪਹਿਰ ਨਵੀਂ ਅਨਾਜ ਮੰਡੀ ਵਿੱਚ ਵਾਪਰੀ ਸੀ, ਜਿਸ ਵਿੱਚ ਮੁਰਾਦਪੁਰਾ ਨਿਵਾਸੀ ਰਵੀ ਕੁਮਾਰ ਅਤੇ ਸਰਵਣ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਸਨ। ਘਟਨਾ ਤੋਂ ਬਾਅਦ ਥਾਣਾ ਸਿਟੀ ਦੇ ਮੁੱਖ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਸੀ। ਗੰਭੀਰ ਜ਼ਖ਼ਮੀ ਰਵੀ ਕੁਮਾਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕੌਂਸਲਰ ਸ਼ਾਮ ਸਿੰਘ ਮੁਰਾਦਪੁਰਾ, ਉਸ ਦੇ ਪੁੱਤਰ ਜਸ਼ਨਦੀਪ ਉਰਫ਼ ਜਸ਼ਨ ਅਤੇ ਕਰਨ ਯੂਪੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਮੁਖੀ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਜਸ਼ਨਦੀਪ ਅਤੇ ਕਰਨ ਯੂਪੀ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਘਟਨਾ ਵਿੱਚ ਵਰਤੇ ਗਏ ਹਥਿਆਰ ਬਰਾਮਦ ਕੀਤੇ ਜਾ ਸਕਣ।ਐੱਸਐੱਸਪੀ ਨੇ ਦੱਸਿਆ ਕਿ ਗੋਲੀਬਾਰੀ ਮਾਮਲੇ ਵਿੱਚ ਨਾਮਜ਼ਦ ਕੌਂਸਲਰ ਸ਼ਾਮ ਸਿੰਘ ਮੁਰਾਦਪੁਰਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਉਸ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ 'ਆਪਰੇਸ਼ਨ ਪ੍ਰਹਾਰ' ਤਹਿਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੁੰਡਾਗਰਦੀ ਅਤੇ ਅਪਰਾਧ 'ਤੇ ਨੱਥ ਪਾਉਣ ਲਈ ਪੁਲਿਸ ਵੱਲੋਂ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH