
ਅੰਮ੍ਰਿਤਸਰ, 04 ਜੁਲਾਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਰਵੱਈਆ ਅਪਣਾਇਆ ਹੈ। ਇਸ ਸਬੰਧ ਵਿੱਚ ਐਸਜੀਪੀਸੀ ਵੱਲੋਂ ਐਤਵਾਰ, 5 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਮੰਜੀ ਸਾਹਿਬ ਡਿਵਾਨ ਹਾਲ ਵਿੱਚ ਵੱਡੇ ਪੱਧਰ ‘ਤੇ ਪੰਥਕ ਇਕੱਠ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ।
ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਦਕਿ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਵੇਰੇ 10:30 ਵਜੇ ਤੱਕ ਮੰਜੀ ਸਾਹਿਬ ਪਹੁੰਚ ਜਾਣ। ਐਸਜੀਪੀਸੀ ਮੁਤਾਬਕ ਇਸ ਪੰਥਕ ਇਕੱਠ ਵਿੱਚ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਸਥਾਵਾਂ, ਨਿਰਮਲਾ ਸੰਪਰਦਾਇ, ਸਿੰਘ ਸਭਾਵਾਂ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਹੋਣਗੀਆਂ। ਆਯੋਜਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਸਿੱਖ ਕੌਮ ਵਿੱਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਇਕੱਠ ਉਸ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਹੋ ਰਿਹਾ ਹੈ ਜਿਸ ਨੂੰ ਲੈ ਕੇ ਸੰਗਤ ਵਿੱਚ ਨਾਰਾਜ਼ਗੀ ਹੈ। ਇਸ ਦੌਰਾਨ ਅਗਲੀ ਰਣਨੀਤੀ ਅਤੇ ਵਿਚਾਰ-ਵਟਾਂਦਰੇ ਬਾਰੇ ਫੈਸਲੇ ਕੀਤੇ ਜਾਣਗੇ।
ਐਸਜੀਪੀਸੀ ਨੇ ਦੱਸਿਆ ਕਿ ਸਮਾਗਮ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਸੰਗਤ ਦੀ ਸੁਵਿਧਾ ਲਈ ਖਾਸ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ ਅਤੇ ਉੱਥੋਂ ਸਮਾਗਮ ਸਥਾਨ ਤੱਕ ਆਉਣ-ਜਾਣ ਲਈ ਵਾਹਨਾਂ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ। ਇਸ ਤੋਂ ਇਲਾਵਾ ਛਬੀਲਾਂ, ਤਿੰਨ ਮੰਚਾਂ ਦੀ ਤਿਆਰੀ ਅਤੇ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਐਸਜੀਪੀਸੀ ਨੇ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਿੱਖ ਸੰਗਤ ਨੂੰ ਵੱਡੀ ਗਿਣਤੀ ਵਿੱਚ ਇਸ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸੰਸਥਾ ਦਾ ਕਹਿਣਾ ਹੈ ਕਿ ਇਹ ਮਾਮਲਾ ਸਿਰਫ਼ ਕਿਸੇ ਵਿਅਕਤੀ ਦਾ ਨਹੀਂ, ਸਗੋਂ ਪੰਥ ਅਤੇ ਧਰਮ ਨਾਲ ਜੁੜਿਆ ਹੋਇਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH