
ਮਾਨਸਾ, 04 ਜੁਲਾਈ (ਹਿੰ.ਸ.)| ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੱਕ ਵਾਰ ਫਿਰ ਚਰਚਾ ਵਿੱਚ ਹਨ। ਸੋਸ਼ਲ ਮੀਡੀਆ 'ਤੇ ਜ਼ਮੀਨੀ ਵਿਵਾਦ ਨਾਲ ਜੁੜੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਲਕੌਰ ਸਿੰਘ ਨੇ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕ ਜਾਣਬੁੱਝ ਕੇ ਉਨ੍ਹਾਂ ਦੀ ਛਵੀ ਖਰਾਬ ਕਰਨ ਅਤੇ ਉਨ੍ਹਾਂ ਦੀ ਹੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਸਾਜ਼ਿਸ਼ ਰਚ ਰਹੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਜਿਸ ਜ਼ਮੀਨ ਨੂੰ ਲੈ ਕੇ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ, ਉਹ ਕਰੀਬ ਅੱਧਾ ਕਿਲ੍ਹਾ ਜ਼ਮੀਨ ਉਨ੍ਹਾਂ ਨੇ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਖਰੀਦੀ ਹੈ। ਉਨ੍ਹਾਂ ਕੋਲ ਇਸ ਜ਼ਮੀਨ ਦੀ ਰਜਿਸਟਰੀ, ਇੰਤਕਾਲ (ਮਿਊਟੇਸ਼ਨ) ਅਤੇ ਹੋਰ ਸਾਰੇ ਲੋੜੀਂਦੇ ਕਾਨੂੰਨੀ ਦਸਤਾਵੇਜ਼ ਮੌਜੂਦ ਹਨ। ਬਲਕੌਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਖਰੀਦੀ ਹੋਈ ਜ਼ਮੀਨ 'ਤੇ ਪਾਣੀ ਲਗਾਉਣ ਲਈ ਗਏ ਤਾਂ ਉੱਥੇ ਪਿੰਡ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਅਤੇ ਇੱਕ ਮਹਿਲਾ ਪਹਿਲਾਂ ਹੀ ਮੌਜੂਦ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਜਿਵੇਂ ਹੀ ਉਨ੍ਹਾਂ ਨੇ ਆਪਣੀ ਜ਼ਮੀਨ 'ਤੇ ਕੰਮ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਰੋਕਿਆ ਗਿਆ। ਇਸ ਤੋਂ ਬਾਅਦ ਉਨ੍ਹਾਂ 'ਤੇ ਜ਼ਬਰਦਸਤੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਝੂਠੇ ਦੋਸ਼ ਲਗਾ ਕੇ ਇੱਕ ਵੀਡੀਓ ਬਣਾਈ ਗਈ, ਜਿਸ ਨੂੰ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ।
ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਾ ਤਾਂ ਕਦੇ ਕਿਸੇ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਇਸ ਦੀ ਕੋਈ ਲੋੜ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਨੇ ਆਪਣੇ ਪਰਿਵਾਰ ਲਈ ਕਾਫ਼ੀ ਜਾਇਦਾਦ ਛੱਡੀ ਹੈ, ਇਸ ਲਈ ਉਨ੍ਹਾਂ ਨੂੰ ਕਿਸੇ ਹੋਰ ਦੀ ਜ਼ਮੀਨ ਹੜੱਪਣ ਦੀ ਕੋਈ ਲੋੜ ਨਹੀਂ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਅਸਮਾਜਿਕ ਅਨਸਰ ਉਨ੍ਹਾਂ ਨੂੰ ਬਦਨਾਮ ਕਰਕੇ ਉਨ੍ਹਾਂ ਦੀ ਜਾਇਦਾਦ ਅਤੇ ਪਲਾਟਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਝੂਠਾ ਪ੍ਰਚਾਰ ਕਰਨ ਅਤੇ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ਯੂਜ਼ਰਾਂ ਅਤੇ ਡਿਜ਼ਿਟਲ ਪਲੇਟਫਾਰਮਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵੀਡੀਓ ਜਾਂ ਜਾਣਕਾਰੀ ਨੂੰ ਉਨ੍ਹਾਂ ਦਾ ਪੱਖ ਜਾਣੇ ਬਿਨਾਂ ਸਾਂਝਾ ਨਾ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH