
ਅੰਮ੍ਰਿਤਸਰ, 05 ਜੁਲਾਈ (ਹਿੰ.ਸ.)| ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਅਤੇ ਕੌਂਸਲਰ ਜਰਨੈਲ ਸਿੰਘ ਢੋਟ ਦੇ ਨਿਵਾਸ ਸਥਾਨ 'ਤੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਇਮਾਨਦਾਰ ਅਤੇ ਜਵਾਬਦੇਹ ਸ਼ਾਸਨ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ, ਜਿਸ ਨਾਲ ਸੂਬੇ ਦੇ ਵੱਡੀ ਗਿਣਤੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਵਿੱਚ ਵੀ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਹੋਰ ਵਿਸਥਾਰ ਦਿੱਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।
ਡਾ. ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰ ਯੋਗ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਲਈ ਸ਼ੁਰੂ ਕੀਤੀ ਮਾਂ-ਧੀ ਸਤਿਕਾਰ ਯੋਜਨਾ ਰਾਹੀਂ ਆਪਣੀ ਇੱਕ ਹੋਰ ਵੱਡੀ ਗਾਰੰਟੀ ਨੂੰ ਵੀ ਪੂਰਾ ਕੀਤਾ ਹੈ, ਜਿਸ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਮਿਲੇਗੀ।
ਵਿਧਾਇਕ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਆਪਣੇ ਚੋਣ ਵਾਅਦੇ ਹੀ ਪੂਰੇ ਨਹੀਂ ਕੀਤੇ, ਸਗੋਂ ਲੋਕਾਂ ਦੀਆਂ ਉਮੀਦਾਂ ਤੋਂ ਵੱਧ ਕੰਮ ਕਰਕੇ ਉਨ੍ਹਾਂ ਦਾ ਭਰੋਸਾ ਵੀ ਜਿੱਤਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਮੁੜ ਬਹੁਮਤ ਨਾਲ ਸਰਕਾਰ ਬਣਾਏਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਅਤੇ ਕੌਂਸਲਰ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਪਹੁੰਚਾਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ ਦੇ ਵਿਕਾਸ ਲਈ ਡਾ. ਅਜੇ ਗੁਪਤਾ ਦੀ ਅਗਵਾਈ ਵਿੱਚ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH