
ਫਿਰੋਜ਼ਪੁਰ, 05 ਜੁਲਾਈ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਭਗੌੜੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੰਬੇ ਸਮੇਂ ਤੋਂ ਪੁਲਿਸ ਅਤੇ ਅਦਾਲਤ ਤੋਂ ਬਚਦਾ ਆ ਰਿਹਾ ਇੱਕ ਐਲਾਨਿਆ ਭਗੌੜਾ ਮੁਲਜ਼ਮ ਮੱਲਾਂਵਾਲਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਨਛੱਤਰ ਉਰਫ਼ ਸੱਤਾ ਵਾਸੀ ਬਸਤੀ ਜੋਗਿੰਦਰ ਸਿੰਘ ਵਾਲੀ, ਥਾਣਾ ਮੱਲਾਂਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਅਦਾਲਤ ਵਿੱਚ ਲਗਾਤਾਰ ਪੇਸ਼ ਨਹੀਂ ਹੋ ਰਿਹਾ ਸੀ। ਵਾਰ-ਵਾਰ ਗੈਰਹਾਜ਼ਰ ਰਹਿਣ ਕਾਰਨ ਸਬੰਧਤ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।
ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਮੱਲਾਂਵਾਲਾ ਖੇਤਰ ਵਿੱਚ ਘੇਰਾਬੰਦੀ ਕਰਕੇ ਕਾਰਵਾਈ ਕੀਤੀ ਅਤੇ ਬਿਨਾਂ ਕਿਸੇ ਵਿਰੋਧ ਦੇ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਕਾਰਵਾਈ ਵਿੱਚ ਏਐੱਸਆਈ ਦਲਜੀਤ ਸਿੰਘ, ਏਐੱਸਆਈ ਸ਼ਾਮ ਸਿੰਘ ਅਤੇ ਏਐੱਸਆਈ ਗੁਰਜੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ।
ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਫਿਰੋਜ਼ਪੁਰ ਪੁਲਿਸ ਵੱਲੋਂ ਭਗੌੜੇ ਅਪਰਾਧੀਆਂ ਅਤੇ ਕਾਨੂੰਨ ਤੋਂ ਬਚਣ ਵਾਲੇ ਮੁਲਜ਼ਮਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH