
ਚੰਡੀਗੜ੍ਹ, 09 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਪੂਰੀ ਕਰ ਲਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ, ਜੋ ਜਲਦ ਹੀ ਬੱਚਿਆਂ ਨੂੰ ਸਮਰਪਿਤ ਕੀਤੇ ਜਾਣਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਕੁੱਲ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ, ਜਿਸ ਤਹਿਤ 892 ਕੇਂਦਰਾਂ ਦਾ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਸੁਰੱਖਿਅਤ, ਬਾਲ-ਅਨੁਕੂਲ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਖੇਡ-ਅਧਾਰਿਤ ਸਿੱਖਿਆ ਦਾ ਮਾਹੌਲ ਮਿਲ ਸਕੇ।
ਮੰਤਰੀ ਨੇ ਕਿਹਾ ਕਿ ਹਰ ਬੱਚਾ, ਚਾਹੇ ਉਹ ਕਿਸੇ ਵੀ ਆਰਥਿਕ ਜਾਂ ਸਮਾਜਿਕ ਪਿਛੋਕੜ ਨਾਲ ਸਬੰਧਤ ਹੋਵੇ, ਮਿਆਰੀ ਸ਼ੁਰੂਆਤੀ ਸਿੱਖਿਆ ਅਤੇ ਸੁਰੱਖਿਅਤ ਵਾਤਾਵਰਣ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਆਂਗਣਵਾੜੀ ਕੇਂਦਰ ਸਿਰਫ਼ ਇਮਾਰਤਾਂ ਨਹੀਂ ਹਨ, ਸਗੋਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਮਹੱਤਵਪੂਰਨ ਸਥਾਨ ਹਨ। ਇਨ੍ਹਾਂ ਕੇਂਦਰਾਂ ਰਾਹੀਂ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਸੁਧਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਸਕਸ਼ਮ ਤਹਿਤ ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਰਕਮ ਨਾਲ ਬੈਠਣ ਦੀਆਂ ਸਹੂਲਤਾਂ, ਸਾਫ਼ ਪਾਣੀ, ਆਧੁਨਿਕ ਸੈਨੀਟੇਸ਼ਨ ਪ੍ਰਬੰਧ ਅਤੇ ਬੱਚਿਆਂ ਲਈ ਸਿੱਖਣ ਯੋਗ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਚੰਗੀ ਸ਼ੁਰੂਆਤੀ ਸਿੱਖਿਆ, ਪੋਸ਼ਣ ਅਤੇ ਵਿਕਾਸ ਦੇ ਬਰਾਬਰ ਮੌਕੇ ਮਿਲਣ, ਤਾਂ ਜੋ ਉਹ ਭਵਿੱਖ ਵਿੱਚ ਸਿਹਤਮੰਦ, ਆਤਮਵਿਸ਼ਵਾਸੀ ਅਤੇ ਸਮਰੱਥ ਨਾਗਰਿਕ ਬਣ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH