
ਅਬੋਹਰ, 09 ਜੁਲਾਈ (ਹਿੰ.ਸ.)| ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਆਈਏਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਕਲੱਬ ਵੱਲੋਂ ਸੇਵਾ ਕੇਂਦਰ ਅਬੋਹਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦੇਸ਼ ਆਮ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਅਤੇ ਵੱਖ-ਵੱਖ ਸਰਕਾਰੀ ਸਰਟੀਫਿਕੇਟਾਂ ਬਾਰੇ ਜਾਣੂ ਕਰਵਾਉਣਾ ਸੀ।
ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸ਼ਰਾਜ ਕੰਬੋਜ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਮ ਸਰਟੀਫਿਕੇਟ ਬਣਵਾਉਣ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਵਾਉਣ, ਗਲਤੀਆਂ ਦੀ ਸੋਧ ਕਰਵਾਉਣ ਅਤੇ ਦੇਰੀ ਨਾਲ ਜਨਮ ਰਜਿਸਟ੍ਰੇਸ਼ਨ ਕਰਵਾਉਣ ਵਰਗੀਆਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਪੰਜਾਬ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਓਬੀਸੀ, ਐੱਸਸੀ ਅਤੇ ਜਨਰਲ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ ਅਤੇ ਆਮਦਨ ਸਰਟੀਫਿਕੇਟ (ਜਿੱਥੇ ਯੋਜਨਾ ਅਧੀਨ ਲਾਗੂ ਹੋਵੇ) ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਫੀਸ ਦੇ ਜਾਰੀ ਕੀਤੇ ਜਾ ਰਹੇ ਹਨ।
ਸੇਵਾ ਕੇਂਦਰ ਅਬੋਹਰ ਦੇ ਇੰਚਾਰਜ ਨਵਦੀਪ ਗਰੋਵਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਜਾਰੀ 10ਵੀਂ ਅਤੇ 12ਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਵੀ ਮੁਫ਼ਤ ਉਪਲਬਧ ਕਰਵਾਏ ਜਾਣਗੇ।
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਇਨ੍ਹਾਂ ਸੇਵਾਵਾਂ ਦੀ ਲੋੜ ਹੈ ਤਾਂ ਉਹ 30 ਸਤੰਬਰ 2026 ਤੋਂ ਪਹਿਲਾਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਅਰਜ਼ੀ ਜਮ੍ਹਾਂ ਕਰਵਾ ਕੇ ਇਸ ਮੁਹਿੰਮ ਦਾ ਲਾਭ ਉਠਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH