
ਪਟਿਆਲਾ, 09 ਜੁਲਾਈ (ਹਿੰ.ਸ.)| ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਦਰਜ ਹੋਣਾ ਅਤੇ ਵੋਟਰ ਸੂਚੀ ਦਾ ਸਹੀ ਅਤੇ ਅਪਡੇਟ ਹੋਣਾ ਬਹੁਤ ਜ਼ਰੂਰੀ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਬੀਐਲਓਜ਼ ਘਰ-ਘਰ ਜਾ ਕੇ ਗਣਨਾ (ਇਨਿਊਮਰੇਸ਼ਨ) ਫਾਰਮ ਵੰਡਣ ਅਤੇ ਵੋਟਰਾਂ ਦੀ ਤਸਦੀਕ ਕਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਬੀਐਲਓ ਉਨ੍ਹਾਂ ਦੇ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਜਾਣਕਾਰੀ ਦੇ ਕੇ ਪੂਰਾ ਸਹਿਯੋਗ ਕੀਤਾ ਜਾਵੇ, ਤਾਂ ਜੋ ਵੋਟਰ ਸੂਚੀ ਨੂੰ ਸ਼ੁੱਧ ਅਤੇ ਅਪਡੇਟ ਬਣਾਇਆ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੀਐਲਓਜ਼ ਵੱਲੋਂ ਦਿੱਤੇ ਗਏ ਗਣਨਾ ਫਾਰਮ ਨੂੰ ਧਿਆਨ ਨਾਲ ਭਰ ਕੇ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖੇ ਜਾਣ, ਤਾਂ ਜੋ ਫਾਰਮ ਭਰਨ ਅਤੇ ਤਸਦੀਕ ਦੀ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਰ ਵੋਟ ਲੋਕਤੰਤਰ ਲਈ ਅਹਿਮ ਹੈ ਅਤੇ ਹਰ ਨਾਗਰਿਕ ਦਾ ਸਹਿਯੋਗ ਪਟਿਆਲਾ ਦੀ ਵੋਟਰ ਸੂਚੀ ਨੂੰ 100 ਫੀਸਦੀ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਐਸ.ਆਈ.ਆਰ. ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH