
ਅੰਮ੍ਰਿਤਸਰ, 09 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇੰਦਰ ਫਾਰਮ ਵਿਖੇ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਹੋਣਹਾਰ ਵਿਦਿਆਰਥੀ ਜੰਡਿਆਲਾ ਗੁਰੂ, ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਵਿਧਾਇਕ ਅਤੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਹਲਕੇ ਦੇ 163 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਦਾ ਟੀਚਾ ਰੱਖਿਆ ਸੀ ਅਤੇ ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਨਤੀਜਿਆਂ ਵਿੱਚ ਵੀ ਲਗਾਤਾਰ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 175 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਬਾਅਦ 2024 ਵਿੱਚ 250, 2025 ਵਿੱਚ 452 ਅਤੇ ਇਸ ਸਾਲ 2026 ਵਿੱਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਿਰਫ਼ ਜੰਡਿਆਲਾ ਗੁਰੂ ਦੇ ਸਕੂਲ ਆਫ਼ ਐਮੀਨੈਂਸ ਵਿੱਚੋਂ ਹੀ 20 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਖੇਤਰ ਦਾ ਮਾਣ ਵਧਾਇਆ ਹੈ।
ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਦੇ ਨਤੀਜੇ ਵਜੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਸਰਕਾਰ ਦੀ ਪੀ.ਜੀ.ਆਈ. 2.0 ਦਰਜਾਬੰਦੀ ਅਨੁਸਾਰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਵਿੱਚ ਸਿਖਰਲੇ ਸਥਾਨ 'ਤੇ ਪਹੁੰਚਿਆ ਹੈ।
ਉਨ੍ਹਾਂ ਨੇ ਐਲਾਨ ਕੀਤਾ ਕਿ ਜੰਡਿਆਲਾ ਗੁਰੂ ਵਿੱਚ ਬਣ ਰਿਹਾ ਸਰਕਾਰੀ ਪਾਲੀਟੈਕਨਿਕ ਕਾਲਜ ਅਗਲੇ ਸਾਲ ਤੋਂ ਸ਼ੁਰੂ ਹੋ ਜਾਵੇਗਾ। ਇਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਤਕਨੀਕੀ ਟਰੇਡਾਂ ਵਿੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇਗਾ ਅਤੇ ਉਹ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰ ਸਕਣਗੇ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਨੇ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ ਅਤੇ ਨਿਸ਼ਾਨਾ ਮਿੱਥ ਕੇ ਲਗਾਤਾਰ ਮਿਹਨਤ ਕਰਨ ਵਾਲੇ ਹੀ ਮੰਜ਼ਿਲ ਹਾਸਲ ਕਰਦੇ ਹਨ।
ਇਸ ਮੌਕੇ ਐੱਸ.ਐੱਸ.ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਵੀ ਕੀਤੀ, ਜਿੱਥੇ ਵਿਦਿਆਰਥੀਆਂ ਨੇ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਸਿੱਖਿਆ ਵਿਭਾਗ ਦੇ ਨੁਮਾਇੰਦਿਆਂ, ਲੋਕ ਪ੍ਰਤੀਨਿਧੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਵੱਡੀ ਗਿਣਤੀ ਹਾਜ਼ਰ ਰਹੀ।
ਹਿੰਦੂਸਥਾਨ ਸਮਾਚਾਰ / GURSHARAN SINGH