
ਅੰਮ੍ਰਿਤਸਰ, 09 ਜੁਲਾਈ (ਹਿੰ.ਸ.)| ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਦਾ ਨਾਮ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਦੀ ਕਥਿਤ ਫਿਰੌਤੀ ਅਤੇ ਗੈਂਗਸਟਰ ਮਾਮਲੇ ਦੀ ਜਾਂਚ ਨਾਲ ਜੋੜੀਆਂ ਜਾ ਰਹੀਆਂ ਰਿਪੋਰਟਾਂ ਨੂੰ ਬੇਹੱਦ ਗੰਭੀਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਰਿਪੋਰਟਾਂ ਸਹੀ ਹਨ ਤਾਂ ਇਹ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਪੁਲਿਸ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪ੍ਰੋ. ਖਿਆਲਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਪੁਲਿਸ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੱਤਾਧਾਰੀਆਂ ਵਿਚਾਲੇ ਕਥਿਤ ਗੱਠਜੋੜ ਦੀਆਂ ਸ਼ੰਕਾਵਾਂ ਲਗਾਤਾਰ ਮਜ਼ਬੂਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦੇਸ਼ੀ ਜਾਂਚ ਏਜੰਸੀਆਂ ਦੇ ਦਸਤਾਵੇਜ਼ਾਂ ਵਿੱਚ ਪੰਜਾਬ ਦੇ ਪੁਲਿਸ ਅਧਿਕਾਰੀਆਂ ਦੇ ਨਾਮ ਸਾਹਮਣੇ ਆ ਰਹੇ ਹਨ ਤਾਂ ਇਹ ਸੂਬੇ ਦੀ ਸਾਖ ਲਈ ਵੀ ਗੰਭੀਰ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਥਿਤ ਜ਼ੀਰੋ ਟਾਲਰੈਂਸ ਨੀਤੀ ਜ਼ਮੀਨੀ ਪੱਧਰ 'ਤੇ ਨਜ਼ਰ ਨਹੀਂ ਆ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਵਾਦ, ਨਸ਼ਾ ਤਸਕਰੀ, ਫਿਰੌਤੀ ਅਤੇ ਸੰਗਠਿਤ ਅਪਰਾਧ ਦੇ ਮਾਮਲੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਅਧਿਕਾਰੀਆਂ 'ਤੇ ਹੀ ਕਥਿਤ ਤੌਰ 'ਤੇ ਸਵਾਲ ਉੱਠਣ ਲੱਗ ਪੈਣ ਤਾਂ ਆਮ ਲੋਕਾਂ ਦਾ ਭਰੋਸਾ ਵੀ ਪ੍ਰਭਾਵਿਤ ਹੁੰਦਾ ਹੈ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਵੱਖ-ਵੱਖ ਮੌਕਿਆਂ 'ਤੇ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਦੀ ਭੂਮਿਕਾ ਨੂੰ ਲੈ ਕੇ ਗੰਭੀਰ ਟਿੱਪਣੀਆਂ ਕਰ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ, ਸੁਤੰਤਰ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ। ਜੇਕਰ ਕਿਸੇ ਵੀ ਪੁਲਿਸ ਅਧਿਕਾਰੀ, ਪ੍ਰਸ਼ਾਸਕੀ ਅਧਿਕਾਰੀ ਜਾਂ ਸਿਆਸੀ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪ੍ਰੋ. ਖਿਆਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਮਾਫ਼ੀਆ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਮਜ਼ਬੂਤ ਕਰਨ ਅਤੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਪਾਰਦਰਸ਼ੀ ਜਾਂਚ ਅਤੇ ਸਖ਼ਤ ਕਾਰਵਾਈ ਸਮੇਂ ਦੀ ਮੁੱਖ ਲੋੜ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH