
ਰੋਪੜ, 09 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਖੇ ਆਯੋਜਿਤ ਭਾਜਪਾ ਵਰਕਰ ਮਿਲਣੀ ਨੇ ਭਾਰੀ ਉਤਸ਼ਾਹ ਅਤੇ ਰਿਕਾਰਡ ਹਾਜ਼ਰੀ ਕਾਰਨ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ 'ਬਦਲਾਅ' ਦੇ ਨਾਂ 'ਤੇ ਸੱਤਾ ਵਿੱਚ ਆਈ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਬਜਾਏ ਕੰਗਾਲੀ, ਬਦਇੰਤਜ਼ਾਮੀ ਅਤੇ ਅਰਾਜਕਤਾ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਰੋਪੜ ਸਮੇਤ ਪੂਰੇ ਪੰਜਾਬ ਦਾ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਰੋਪੜ ਦੇ ਭਾਜਪਾ ਵਰਕਰਾਂ ਦਾ ਜੋਸ਼ ਅਤੇ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਨਹੀਂ, ਸਗੋਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਚਾਹੁੰਦੀ ਹੈ।
ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਆਪਣੇ ਇਤਿਹਾਸ ਦੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ 'ਆਪ' ਦਾ ਝੂਠਾ ਬਦਲਾਅ ਸੂਬੇ ਦੇ ਲੋਕਾਂ ਨੂੰ ਬਹੁਤ ਮਹਿੰਗਾ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦਾ ਕਰਜ਼ਾ 2.82 ਲੱਖ ਕਰੋੜ ਰੁਪਏ ਤੋਂ ਵੱਧ ਕੇ ਸਾਢੇ 4 ਲੱਖ ਕਰੋੜ ਰੁਪਏ ਦੇ ਨੇੜੇ ਪਹੁੰਚ ਗਿਆ ਹੈ।
ਅਰਵਿੰਦ ਕੇਜਰੀਵਾਲ ਵੱਲੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦੀ ਦਿੱਤੀ ਗਾਰੰਟੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੀ ਤਰ੍ਹਾਂ ਫਲਾਪ ਹੋ ਚੁੱਕੀ ਹੈ ਅਤੇ ਹਰ ਰੋਜ਼ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ।
ਕਾਨੂੰਨ-ਵਿਵਸਥਾ ਦੀ ਵਿਗੜਦੀ ਹਾਲਤ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਫਿਰੌਤੀਆਂ, ਕਤਲ, ਤਲਵਾਰਾਂ ਨਾਲ ਹਮਲੇ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਰੋਜ਼ਾਨਾ 9 ਤੋਂ 10 ਵੱਡੀਆਂ ਅਪਰਾਧਿਕ ਵਾਰਦਾਤਾਂ ਵਾਪਰ ਰਹੀਆਂ ਹਨ, ਜਦਕਿ ਮੁੱਖ ਮੰਤਰੀ ਪੰਜਾਬ ਦੀ ਚਿੰਤਾ ਕਰਨ ਦੀ ਬਜਾਏ ਛੁੱਟੀਆਂ ਮਨਾਉਣ ਵਿੱਚ ਰੁੱਝੇ ਹੋਏ ਹਨ। ਇਸ ਦੇ ਉਲਟ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਵਾਦ ਦਾ ਸਫਾਇਆ ਕਰਕੇ ਮਿਸਾਲ ਕਾਇਮ ਕੀਤੀ ਹੈ।
ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਪੰਜ ਮਿੰਟਾਂ ਵਿੱਚ ਐਮਐਸਪੀ ਦੇਣ ਅਤੇ ਮੂੰਗੀ ਦੀ ਖਰੀਦ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਮੰਡੀਆਂ ਵਿੱਚ ਪਈ ਮੂੰਗੀ ਦੀ ਖਰੀਦ ਵੀ ਯਕੀਨੀ ਨਹੀਂ ਬਣਾ ਸਕੀ। ਉਨ੍ਹਾਂ ਹਰਿਆਣਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਸਾਰੀਆਂ ਫਸਲਾਂ 'ਤੇ ਐਮਐਸਪੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਨੂੰ ਵੀ ਫਸਲੀ ਵਿਭਿੰਨਤਾ ਵੱਲ ਵਧਣ ਦੀ ਲੋੜ ਹੈ।
ਮਹਿਲਾਵਾਂ ਨਾਲ ਕੀਤੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਢਿੱਲੋਂ ਨੇ ਕਿਹਾ ਕਿ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪਹਿਲਾਂ 18 ਸਾਲ ਦੀ ਸ਼ਰਤ ਅਤੇ ਫਿਰ ਰਜਿਸਟ੍ਰੇਸ਼ਨ ਦੇ ਬਹਾਨੇ ਟਾਲਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਹਰਿਆਣਾ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਮਹਿਲਾ ਭਲਾਈ ਯੋਜਨਾਵਾਂ ਨੂੰ ਤੁਰੰਤ ਲਾਗੂ ਕੀਤਾ ਗਿਆ।
ਰੋਪੜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅੱਜ ਰੋਪੜ ਨੂੰ 'ਕੈਪੀਟਲ ਆਫ ਇਲੀਗਲ ਮਾਈਨਿੰਗ' ਕਿਹਾ ਜਾਣ ਲੱਗ ਪਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਦੇ ਲਗਭਗ 150 ਕੇਸ ਦਰਜ ਹੋ ਚੁੱਕੇ ਹਨ, ਫਿਰ ਵੀ ਸਰਕਾਰ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਉਨ੍ਹਾਂ ਸਵਾਲ ਕੀਤਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਦਾਅਵਾ ਕੀਤਾ ਸੀ, ਪਰ ਸਰਕਾਰ ਨੂੰ ਸਿਰਫ਼ ਕਰੀਬ 600 ਕਰੋੜ ਰੁਪਏ ਹੀ ਪ੍ਰਾਪਤ ਹੋਏ। ਬਾਕੀ 19,400 ਕਰੋੜ ਰੁਪਏ ਕਿੱਥੇ ਗਏ? ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਦੇ ਘੁਟਾਲੇਬਾਜ਼ ਪੰਜਾਬ ਦਾ ਰੇਤਾ ਵੀ ਲੁੱਟ ਕੇ ਲੈ ਗਏ।
ਭਾਜਪਾ ਦੇ ਵਿਕਾਸ ਮਾਡਲ ਬਾਰੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਚੋਣਾਂ ਲੜਨ ਵਾਲੀ ਨਹੀਂ, ਸਗੋਂ ਵਿਕਾਸ ਕਰਨ ਵਾਲੀ ਪਾਰਟੀ ਹੈ। ਇਸ ਮੌਕੇ ਪਰਮਿੰਦਰ ਸਿੰਘ ਬਰਾੜ, ਸੁਭਾਸ਼ ਸ਼ਰਮਾ, ਅਜੇ ਵੀਰ ਸਿੰਘ ਲਾਲਪੁਰਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH