
ਪਟਿਆਲਾ, 01 ਅਗਸਤ (ਹਿੰ.ਸ.)| ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦੇ ਆਧਾਰ 'ਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਬਦਲ ਨਹੀਂ ਹੋ ਸਕਦਾ।ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਕੋਹਲੀ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤਨਖ਼ਾਹ ਦੇਣ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਯੂਨੀਅਨਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ 'ਤੇ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਸਮੱਸਿਆਵਾਂ ਦਾ ਗੱਲਬਾਤ ਰਾਹੀਂ ਸੁਚੱਜਾ ਤੇ ਸਥਾਈ ਹੱਲ ਕੱਢਿਆ ਜਾਵੇਗਾ।ਵਿਧਾਇਕ ਕੋਹਲੀ ਨੇ ਸਫ਼ਾਈ ਕਰਮਚਾਰੀ ਯੂਨੀਅਨਾਂ ਅਤੇ ਸ਼ਹਿਰ ਵਾਸੀਆਂ ਨੂੰ ਲੋਕ ਭਲਾਈ ਤੇ ਵਿਕਾਸ ਦੀ ਮੁਹਿੰਮ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਦੀ ਪੂਰੀ ਰੱਖਿਆ ਕਰੇਗੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।ਕੋਹਲੀ ਨੇ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸਿੱਖਿਆ ਖੇਤਰ ਵਿੱਚ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਗਈ ਹੈ, ਜਦਕਿ ਸਿਹਤ ਖੇਤਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਅਤੇ ਬਿਹਤਰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿੱਚ ਨਵਾਂ ਆਈਸੀਯੂ ਅਤੇ ਨਵਜੰਮੇ ਬੱਚਿਆਂ ਲਈ ਵਿਸ਼ੇਸ਼ ਵਾਰਡ ਵੀ ਸਥਾਪਤ ਕੀਤਾ ਗਿਆ ਹੈ।ਉਨ੍ਹਾਂ ਮੁੜ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH