
ਅੰਮ੍ਰਿਤਸਰ, 10 ਅਗਸਤ (ਹਿੰ.ਸ.)| ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਘਰਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ 147 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਬਰਾਮਦ ਹੈਰੋਇਨ ਸਮੇਤ ਪੈਕਿੰਗ ਮਟੀਰੀਅਲ ਵੀ ਕਬਜ਼ੇ 'ਚ ਲਿਆ ਹੈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਮੁਤਾਬਕ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਟੀ-ਪੁਆਇੰਟ ਅਟਾਰੀ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪਾ ਵਾਸੀ ਨੌਸ਼ਹਿਰਾ ਢਾਲਾ ਅਤੇ ਅਮਨਦੀਪ ਸਿੰਘ ਵਾਸੀ ਢੋਡੀਵਿੰਡ, ਹਾਲ ਵਾਸੀ ਅਟਾਰੀ, ਹੈਰੋਇਨ ਦੀ ਸਪਲਾਈ ਕਰਨ ਲਈ ਡਿਫੈਂਸ ਨਹਿਰ ਵੱਲ ਪੈਦਲ ਆ ਰਹੇ ਹਨ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ 'ਤੇ ਨਾਕਾਬੰਦੀ ਕਰ ਦਿੱਤੀ। ਕੁਝ ਸਮੇਂ ਬਾਅਦ ਦੋਵੇਂ ਸ਼ੱਕੀ ਵਿਅਕਤੀ ਉੱਥੇ ਪਹੁੰਚੇ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਇਹ ਕਾਰਵਾਈ ਸਬ-ਡਿਵੀਜ਼ਨ ਅਟਾਰੀ ਦੇ ਡੀਐਸਪੀ ਯਾਦਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ।
ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 1 ਕਿਲੋ 147 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਮਾਮਲੇ ਦੀ ਜਾਂਚ ਏਐਸਆਈ ਲੱਖਾ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਨ੍ਹਾਂ ਕੋਲ ਹੈਰੋਇਨ ਕਿੱਥੋਂ ਪਹੁੰਚੀ ਸੀ ਅਤੇ ਇਸ ਦੀ ਸਪਲਾਈ ਅੱਗੇ ਕਿਨ੍ਹਾਂ ਵਿਅਕਤੀਆਂ ਨੂੰ ਕੀਤੀ ਜਾਣੀ ਸੀ। ਪੁਲਿਸ ਨੂੰ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਪੂਰੇ ਨੈੱਟਵਰਕ ਬਾਰੇ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH