
ਬਟਾਲਾ, 10 ਅਗਸਤ (ਹਿੰ.ਸ.)| ਆਜ਼ਾਦੀ ਦਿਵਸ ਦੇ ਮੱਦੇਨਜ਼ਰ ਬਟਾਲਾ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਇਸੇ ਤਹਿਤ ਡੀਐੱਸਪੀ ਤੇਜਿੰਦਰਪਾਲ ਸਿੰਘ ਗੋਰਾਇਆ ਅਤੇ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ, ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ।ਫਲੈਗ ਮਾਰਚ ਗਾਂਧੀ ਚੌਕ ਤੋਂ ਸ਼ੁਰੂ ਹੋਇਆ ਅਤੇ ਸਿਟੀ ਰੋਡ, ਸਿਨੇਮਾ ਰੋਡ, ਸਰਕੂਲਰ ਰੋਡ, ਸਮਾਧ ਰੋਡ ਅਤੇ ਜਲੰਧਰ ਰੋਡ ਸਮੇਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਐੱਸਐੱਸਪੀ ਦਫ਼ਤਰ ਵਿਖੇ ਸਮਾਪਤ ਹੋਇਆ। ਇਸ ਦੌਰਾਨ ਪੁਲਿਸ ਟੀਮਾਂ ਨੇ ਸੰਵੇਦਨਸ਼ੀਲ ਥਾਵਾਂ ਅਤੇ ਜਨਤਕ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨ ਦਾ ਸੰਦੇਸ਼ ਦਿੱਤਾ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੇ ਪ੍ਰਵੇਸ਼ ਮਾਰਗਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਰੋਜ਼ਾਨਾ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਦੌਰਾਨ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਜੇਕਰ ਕਿਸੇ ਵਿਅਕਤੀ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਇਸ ਮੌਕੇ ਐੱਸਐੱਚਓ ਸਿਵਲ ਲਾਈਨ ਗੁਰਮੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH