
ਅੰਮ੍ਰਿਤਸਰ, 10 ਅਗਸਤ (ਹਿੰ.ਸ.)| ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਦੀਆਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਘਰ-ਘਰ ਤੋਂ ਕੂੜਾ ਇਕੱਠਾ ਕਰਨ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਤੋਂ ਇਕੱਠੇ ਕੀਤੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਪਿੰਡ ਬੁਤਾਲਾ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਰਾਹੀਂ ਠੋਸ ਕੂੜੇ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਘਰ-ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਕੇ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਰਾਹੀਂ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤੱਕ ਪਹੁੰਚਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਵਿੱਚ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਰਹੀ ਹੈ। ਘਰ-ਘਰ ਤੋਂ ਕੂੜਾ ਇਕੱਠਾ ਕਰਨ ਲਈ ਪ੍ਰਤੀ ਘਰ 100 ਰੁਪਏ ਵਸੂਲੇ ਜਾ ਰਹੇ ਹਨ।ਪਿੰਡ ਧਰਦਿਓ ਦੀ ਸਰਪੰਚ ਕਵਲਜੀਤ ਕੌਰ ਅਤੇ ਪਿੰਡ ਹੇਰ ਦੇ ਸਰਪੰਚ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਠੋਸ ਕੂੜੇ ਦੇ ਪ੍ਰਬੰਧਨ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਪਿੰਡਾਂ ਵਿੱਚ ਕੂੜੇ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ।ਇਸੇ ਤਰ੍ਹਾਂ ਪਿੰਡ ਨੌਸ਼ਹਿਰਾ ਦੀ ਸਰਪੰਚ ਸਿਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਵੀ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਵਾਟਰ ਸਪਲਾਈ ਸਕੀਮ ਪਿਛਲੇ 10-15 ਸਾਲਾਂ ਤੋਂ ਗ੍ਰਾਮ ਪੰਚਾਇਤ ਵੱਲੋਂ ਚਲਾਈ ਜਾ ਰਹੀ ਹੈ ਅਤੇ ਠੋਸ ਕੂੜੇ ਦੇ ਪ੍ਰਬੰਧਨ ਲਈ ਵੀ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਦੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪ੍ਰੀਤ ਮਹਿੰਦਰ ਸਿੰਘ ਸਹੋਤਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ ਅਮਨਦੀਪ ਸ਼ਰਮਾ, ਬੀਡੀਪੀਓ ਵੇਰਕਾ ਬਿਕਰਮਜੀਤ ਸਿੰਘ, ਬੀਡੀਪੀਓ ਹਰਸ਼ਾ ਛੀਨਾ ਕਿਰਨਦੀਪ ਕੌਰ, ਬੀਡੀਪੀਓ ਮਜੀਠਾ ਅਮਨਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੁਲੱਖਣ ਸਿੰਘ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH