
ਜਲੰਧਰ, 10 ਅਗਸਤ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੇਨ ਕਪੂਰਥਲਾ ਰੋਡ ’ਤੇ ਬਸਤੀ ਬਾਵਾ ਖੇਲ ਤੋਂ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਬਿਹਤਰ ਨਾਗਰਿਕ ਸਹੂਲਤਾਂ ਦੇ ਨਾਲ-ਨਾਲ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਮੇਨ ਕਪੂਰਥਲਾ ਰੋਡ ਦੇ ਇਸ ਹਿੱਸੇ ਵਿੱਚ ਇੰਟਰਲਾਕ ਅਤੇ ਸੈਂਟਰ ਵਰਜ ਦਾ ਕੰਮ ਮੁਕੰਮਲ ਹੋਣ ਨਾਲ ਇਲਾਕੇ ਦੀ ਦਿੱਖ ਵਿੱਚ ਸੁਧਾਰ ਆਵੇਗਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਮੋਹਿੰਦਰ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੜਾਅਵਾਰ ਪੂਰਾ ਕਰਦਿਆਂ ਸੂਬੇ ਨੂੰ ਵਿਕਸਿਤ, ਖੁਸ਼ਹਾਲ ਅਤੇ ਬਿਹਤਰ ਸਹੂਲਤਾਂ ਵਾਲਾ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵੀ ਕਦਮ ਚੁੱਕੇ ਗਏ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH