ਨਿੱਜੀ ਸਕੂਲਾਂ ਦੀਆਂ ਫੀਸਾਂ ’ਤੇ ਲੱਗੀ ਲਗਾਮ, ਪੰਜਾਬ ਵਿਧਾਨ ਸਭਾ ਵੱਲੋਂ ਸੋਧ ਬਿੱਲ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਨੇ ਸੂਬੇ ਵਿੱਚ ਨਿੱਜੀ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ’ਤੇ ਰੋਕ ਲਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਬਿੱਲ ਦੇ ਪਾਸ ਹੋਣ
CM Bhagwant Singh Mann


ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਨੇ ਸੂਬੇ ਵਿੱਚ ਨਿੱਜੀ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ’ਤੇ ਰੋਕ ਲਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਬਿੱਲ ਦੇ ਪਾਸ ਹੋਣ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਫੀਸ ਵਸੂਲੀ ਤੋਂ ਰਾਹਤ ਮਿਲਣ ਦੇ ਨਾਲ-ਨਾਲ ਨਿੱਜੀ ਸਕੂਲਾਂ ਦੀ ਫੀਸ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਦਾ ਰਾਹ ਪੱਧਰਾ ਹੋਇਆ ਹੈ।ਨਵੇਂ ਕਾਨੂੰਨ ਤਹਿਤ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ ਸਾਲਾਨਾ ਫੀਸ ਵਿੱਚ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕਣਗੇ। ਇਸ ਤੋਂ ਵੱਧ ਵਾਧੇ ਲਈ ਰੈਗੂਲੇਟਰੀ ਸੰਸਥਾ ਦੀ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਮਾਪਿਆਂ ਤੋਂ ਕਿਸੇ ਵੀ ਮੱਦ ਤਹਿਤ ਵਸੂਲੀ ਜਾਣ ਵਾਲੀ ਰਕਮ ਨੂੰ ਫੀਸ ਮੰਨਿਆ ਜਾਵੇਗਾ ਅਤੇ ਉਸ ਨੂੰ ਰੈਗੂਲੇਸ਼ਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।ਬਿੱਲ ’ਤੇ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸਿੱਖਿਆ ਨੂੰ ਵਪਾਰ ਬਣਨ ਨਹੀਂ ਦੇਵੇਗੀ ਅਤੇ ਸੂਬੇ ਵਿੱਚ ਸਿੱਖਿਆ ਮਾਫੀਆ ਨੂੰ ਪਨਪਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ ਦੌਰਾਨ ਸਕੂਲ ਅਤੇ ਸਕੂਲ ਵਾਹਨ ਬੰਦ ਹੋਣ ਦੇ ਬਾਵਜੂਦ ਮਾਪਿਆਂ ਤੋਂ ਟਰਾਂਸਪੋਰਟ ਫੀਸ ਵਸੂਲਣ ਵਰਗੀਆਂ ਪ੍ਰਥਾਵਾਂ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਕੁੱਲ 15 ਫੀਸਦੀ ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਵਾਧੂ ਵਸੂਲੀ ਦੀ ਪਛਾਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਇਆ ਜਾਵੇਗਾ। ਟਰਾਂਸਪੋਰਟੇਸ਼ਨ, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਖਰਚਿਆਂ ਸਮੇਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਦੇ ਰੂਪ ਵਿੱਚ ਗਿਣਿਆ ਜਾਵੇਗਾ।ਉਨ੍ਹਾਂ ਕਿਹਾ ਕਿ ਐਕਟ ਦੀ ਉਲੰਘਣਾ ਕਰਨ ਵਾਲੇ ਸਕੂਲ ਨੂੰ ਪਹਿਲੀ ਵਾਰ 50 ਹਜ਼ਾਰ ਰੁਪਏ ਅਤੇ ਦੂਜੀ ਵਾਰ ਇੱਕ ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ, ਜਦਕਿ ਤੀਜੀ ਉਲੰਘਣਾ ’ਤੇ ਮਾਨਤਾ ਰੱਦ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾ ਸਕੇਗੀ। ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਫੀਸ ਵਾਧੇ ਦੀਆਂ ਤਜਵੀਜ਼ਾਂ ਦੀ ਜਾਂਚ ਅਤੇ ਨਿਗਰਾਨੀ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲਗਭਗ 7,800 ਨਿੱਜੀ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਨਵਾਂ ਕਾਨੂੰਨ ਇਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਨਮਰਜ਼ੀ ਦੀ ਫੀਸ ਵਸੂਲੀ ਤੋਂ ਸੁਰੱਖਿਆ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿੱਖਿਆ ਨੂੰ ਮੁਨਾਫ਼ੇ ਦਾ ਸਾਧਨ ਬਣਾਉਣ ਦੀ ਬਜਾਏ ਹਰ ਵਿਦਿਆਰਥੀ ਲਈ ਮਿਆਰੀ ਅਤੇ ਪਹੁੰਚਯੋਗ ਸਿੱਖਿਆ ਯਕੀਨੀ ਬਣਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande