ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਗਤ ਪੂਰਨ ਸਿੰਘ ਨੂੰ ਮਰਨੋਪਰਾਂਤ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸਮਾਜ ਸੇਵੀ ਅਤੇ ਪਿੰਗਲਵਾੜਾ ਲਹਿਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਮਰਨੋਪਰਾਂਤ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰ
ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ


ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸਮਾਜ ਸੇਵੀ ਅਤੇ ਪਿੰਗਲਵਾੜਾ ਲਹਿਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਮਰਨੋਪਰਾਂਤ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।

ਸਾਹਨੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਭਗਤ ਪੂਰਨ ਸਿੰਘ ਮਹਾਨ ਵਾਤਾਵਰਣ ਪ੍ਰੇਮੀ, ਸਮਾਜ ਸੇਵੀ ਅਤੇ ਮਨੁੱਖਤਾਵਾਦੀ ਸਨ। ਉਨ੍ਹਾਂ ਨੇ ਸਾਲ 1947 ਵਿੱਚ ਪਿੰਗਲਵਾੜਾ ਦੀ ਸਥਾਪਨਾ ਕੀਤੀ ਸੀ, ਜੋ ਬਿਮਾਰ, ਦਿਵਿਆਂਗ, ਬੇਸਹਾਰਾ ਅਤੇ ਸਮਾਜ ਵੱਲੋਂ ਅਣਗੌਲੇ ਲੋਕਾਂ ਲਈ ਆਸਰਾ ਬਣਿਆ। ਰਾਜ ਸਭਾ ਮੈਂਬਰ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੇ ਆਪਣਾ ਪੂਰਾ ਜੀਵਨ ਗਰੀਬ, ਬੇਸਹਾਰਾ ਅਤੇ ਦਿਵਿਆਂਗ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕੋਲ ਆਪਣਾ ਕੋਈ ਸਥਾਈ ਘਰ ਨਹੀਂ ਸੀ ਅਤੇ ਉਨ੍ਹਾਂ ਨੇ ਲੋੜਵੰਦਾਂ ਦੀ ਸੇਵਾ ਨੂੰ ਹੀ ਆਪਣੇ ਜੀਵਨ ਦਾ ਮਕਸਦ ਬਣਾ ਲਿਆ ਸੀ।

ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਸਿਰਫ਼ ਸਮਾਜ ਸੇਵਾ ਤੱਕ ਸੀਮਤ ਨਹੀਂ ਰਹੇ, ਸਗੋਂ ਉਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਲਈ ਵੀ ਲਗਾਤਾਰ ਕੰਮ ਕੀਤਾ। ਉਨ੍ਹਾਂ ਵੱਲੋਂ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਵਾਤਾਵਰਣ ਨਾਲ ਸਬੰਧਤ ਗੰਭੀਰ ਮੁੱਦਿਆਂ ’ਤੇ ਕਿਤਾਬਾਂ ਅਤੇ ਪੁਸਤਿਕਾਵਾਂ ਵੀ ਲਿਖੀਆਂ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਅੱਜ ਵੀ ਬੇਸਹਾਰਾ ਲੋਕਾਂ ਲਈ ਇੱਕ ਪਰਿਵਾਰ ਵਾਂਗ ਕੰਮ ਕਰ ਰਿਹਾ ਹੈ। ਇੱਥੇ ਦਿਵਿਆਂਗਾਂ, ਬੱਚਿਆਂ, ਵਿਧਵਾਵਾਂ ਅਤੇ ਬਜ਼ੁਰਗਾਂ ਨੂੰ ਆਸਰਾ ਦੇਣ ਦੇ ਨਾਲ-ਨਾਲ ਸਨਮਾਨ, ਦੇਖਭਾਲ ਅਤੇ ਆਪਣਾਪਣ ਵੀ ਦਿੱਤਾ ਜਾਂਦਾ ਹੈ।

ਸਾਹਨੀ ਨੇ ਯਾਦ ਦਿਵਾਇਆ ਕਿ ਭਗਤ ਪੂਰਨ ਸਿੰਘ ਨੂੰ ਸਾਲ 1981 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲਾਂਕਿ, ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜ ਦੇ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਨੇ ਇਹ ਸਨਮਾਨ ਵਾਪਸ ਕਰ ਦਿੱਤਾ ਸੀ। ਸਾਹਨੀ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ, ਵਾਤਾਵਰਣ ਸੰਭਾਲ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਲਈ ਭਗਤ ਪੂਰਨ ਸਿੰਘ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮਰਨੋਪਰਾਂਤ ‘ਭਾਰਤ ਰਤਨ’ ਦੇਣਾ ਦੇਸ਼ ਲਈ ਵੀ ਮਾਣ ਵਾਲੀ ਗੱਲ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਗਤ ਪੂਰਨ ਸਿੰਘ ਦੀ ਨਿਸ਼ਕਾਮ ਸੇਵਾ ਅਤੇ ਮਨੁੱਖਤਾਵਾਦੀ ਯੋਗਦਾਨ ਨੂੰ ਯੋਗ ਰਾਸ਼ਟਰੀ ਸਨਮਾਨ ਦਿੰਦਿਆਂ ਉਨ੍ਹਾਂ ਨੂੰ ਮਰਨੋਪਰਾਂਤ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ’ਤੇ ਵਿਚਾਰ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande