
ਅੰਮ੍ਰਿਤਸਰ, 10 ਅਗਸਤ (ਹਿੰ.ਸ.)| ਮਹਿਲਾਵਾਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੈੱਡ ਕਰਾਸ ਸੁਸਾਇਟੀ, ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਜਾਗਰੂਕਤਾ ਅਤੇ ਵੰਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ।ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ, ਆਈ.ਏ.ਐਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਿਲਾਵਾਂ ਨੂੰ ਮਾਹਵਾਰੀ ਦੌਰਾਨ ਨਿੱਜੀ ਸਫ਼ਾਈ, ਸਿਹਤ ਅਤੇ ਸਾਫ਼-ਸੁਥਰੇ ਸੈਨੇਟਰੀ ਨੈਪਕਿਨ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।ਆਪਣੇ ਸੰਬੋਧਨ ਦੌਰਾਨ ਪੱਲਵੀ ਮਿਸ਼ਰਾ ਨੇ ਕਿਹਾ ਕਿ ਮਾਹਵਾਰੀ ਮਹਿਲਾਵਾਂ ਦੇ ਜੀਵਨ ਦਾ ਇੱਕ ਕੁਦਰਤੀ ਹਿੱਸਾ ਹੈ ਅਤੇ ਇਸ ਦੌਰਾਨ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਸੈਨੇਟਰੀ ਨੈਪਕਿਨ ਦੀ ਵਰਤੋਂ ਮਹਿਲਾਵਾਂ ਦੀ ਸਿਹਤ ਅਤੇ ਸਫ਼ਾਈ ਲਈ ਅਹਿਮ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਹਵਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਝਿਜਕ ਤੋਂ ਬਿਨਾਂ ਆਪਣੀ ਸਿਹਤ ਅਤੇ ਸਫ਼ਾਈ ਨੂੰ ਪਹਿਲ ਦੇਣ।ਇਸ ਮੌਕੇ ਸਹਾਇਕ ਕਮਿਸ਼ਨਰ ਪ੍ਰਗਤੀ ਸੇਢੀ ਨੇ ਦੱਸਿਆ ਕਿ ਲਗਭਗ 650 ਵੱਡੇ ਬਾਕਸ ਸੈਨੇਟਰੀ ਨੈਪਕਿਨ ਵੱਖ-ਵੱਖ ਐਨ.ਜੀ.ਓਜ਼, ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲੋੜਵੰਦ ਅਤੇ ਗਰੀਬ ਮਹਿਲਾਵਾਂ ਤੱਕ ਪਹੁੰਚਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਮਾਹਵਾਰੀ ਦੌਰਾਨ ਸਫ਼ਾਈ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਰੂਰੀ ਸੈਨੇਟਰੀ ਸਮੱਗਰੀ ਉਪਲਬਧ ਕਰਵਾਉਣਾ ਹੈ।ਸਮਾਗਮ ਦੇ ਆਯੋਜਕ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੈਮਸਨ ਮਸੀਹ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦੀ ਸਮੁੱਚੀ ਟੀਮ ਵੱਲੋਂ ਸੈਨੇਟਰੀ ਨੈਪਕਿਨ ਲੋੜਵੰਦ ਮਹਿਲਾਵਾਂ ਤੱਕ ਪੂਰੀ ਤਨਦੇਹੀ ਨਾਲ ਪਹੁੰਚਾਏ ਜਾਣਗੇ। ਇਸ ਮੌਕੇ ਰਾਜਿੰਦਰ ਸਿੰਘ ਮਰਵਾਹਾ, ਸੁਦਰਸ਼ਨ ਕੌਰ ਬਾਵਾ, ਨੇਹਾ ਸ਼ਰਮਾ, ਗੁਰਪ੍ਰੀਤ ਕੌਰ, ਵਿਨੋਦ ਸ਼ਰਮਾ, ਰਸ਼ਪਾਲ ਸਿੰਘ ਸਮੇਤ ਹੋਰ ਪਤਵੰਤੇ ਅਤੇ ਅਧਿਕਾਰੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH