
ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਨੇ ਮਹਿਲਾ ਸਸ਼ਕਤੀਕਰਨ ਨਾਲ ਸਬੰਧਤ ਮਤਾ ਸਰਬਸੰਮਤੀ ਨਾਲ ਪਾਸ ਕਰਦਿਆਂ ਔਰਤਾਂ ਦੇ ਸਨਮਾਨ, ਅਧਿਕਾਰਾਂ, ਬਰਾਬਰੀ ਅਤੇ ਆਰਥਿਕ ਸਵੈ-ਨਿਰਭਰਤਾ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਮਤੇ ਦਾ ਸਮਰਥਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਭਲਾਈ ਯੋਜਨਾਵਾਂ ਦੀ ਲਾਭਪਾਤਰੀ ਨਹੀਂ, ਸਗੋਂ ਸੂਬੇ ਦੇ ਵਿਕਾਸ ਦੀ ਬਰਾਬਰ ਦੀ ਭਾਈਵਾਲ ਬਣਾਉਣ ਲਈ ਕੰਮ ਕਰ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਸਿਰਫ਼ ਵਿੱਤੀ ਮਦਦ ਤੱਕ ਸੀਮਤ ਨਹੀਂ, ਸਗੋਂ ਮਹਿਲਾਵਾਂ ਦੇ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ।
ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਬਰਾਬਰ ਮੌਕੇ, ਰੁਜ਼ਗਾਰ ਅਤੇ ਆਤਮ-ਵਿਸ਼ਵਾਸ ਹੈ। ਸਰਕਾਰ ਵੱਲੋਂ ਮਹਿਲਾਵਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ, ਆਂਗਣਵਾੜੀ ਵਰਕਰਾਂ ਦੀ ਭਰਤੀ ਨੂੰ ਗਤੀ ਦੇਣ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਾ ਮਕਸਦ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਜੀਵਨ ਵਿੱਚ ਵਧੇਰੇ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਵੀ ਵੱਡੀ ਗਿਣਤੀ ਵਿੱਚ ਬਜ਼ੁਰਗ ਮਹਿਲਾਵਾਂ ਦੀ ਸ਼ਮੂਲੀਅਤ ਹੋ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ₹1000 ਅਤੇ ₹1500 ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਨਵੀਆਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀ ਵੱਖਰੀ ਪਛਾਣ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦਾ ਮੌਕਾ ਦੇਣਾ ਹੈ।
ਮੰਤਰੀ ਨੇ ਦੱਸਿਆ ਕਿ ਸਰਕਾਰੀ ਚਿਲਡਰਨ ਹੋਮਾਂ ਵਿੱਚ ਇਸ ਸਮੇਂ 215 ਬੱਚੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 157 ਲੜਕੀਆਂ ਅਤੇ 58 ਲੜਕੇ ਹਨ। ਆਬਜ਼ਰਵੇਸ਼ਨ ਹੋਮਾਂ ਵਿੱਚ 495 ਲੜਕੇ ਅਤੇ 5 ਲੜਕੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਧੀਆਂ ਦੀ ਸੁਰੱਖਿਆ, ਸਨਮਾਨ ਅਤੇ ਬਰਾਬਰ ਮੌਕਿਆਂ ਲਈ ਲਗਾਤਾਰ ਯਤਨਾਂ ਦੀ ਲੋੜ ਨੂੰ ਦਰਸਾਉਂਦੇ ਹਨ।
ਵਿਧਾਨ ਸਭਾ ਵਿੱਚ ਹੋਈ ਚਰਚਾ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ ਮਹਿਲਾ ਸਸ਼ਕਤੀਕਰਨ ਅਤੇ ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਰਕਾਰ ਦੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਵਿਧਾਇਕ ਇੰਦਰਜੀਤ ਕੌਰ, ਡਾ. ਅਮਨਜੋਤ ਕੌਰ, ਜੀਵਨਜੋਤ ਕੌਰ, ਨਰਿੰਦਰ ਕੌਰ ਭਰਾਜ ਅਤੇ ਸਰਵਜੀਤ ਕੌਰ ਮਾਨੂੰਕੇ ਨੇ ਵੀ ਚਰਚਾ ਵਿੱਚ ਹਿੱਸਾ ਲਿਆ।
ਡਾ. ਬਲਜੀਤ ਕੌਰ ਨੇ ਮਤਾ ਪੇਸ਼ ਕਰਨ ਵਾਲੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਤੇ ਦਾ ਸਰਬਸੰਮਤੀ ਨਾਲ ਪਾਸ ਹੋਣਾ ਮਹਿਲਾਵਾਂ ਦੇ ਅਧਿਕਾਰਾਂ ਅਤੇ ਲਿੰਗ ਸਮਾਨਤਾ ਪ੍ਰਤੀ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਸ਼ਕਤ ਮਹਿਲਾ ਹੀ ਸਸ਼ਕਤ ਪਰਿਵਾਰ, ਸਮਾਜ ਅਤੇ ਖੁਸ਼ਹਾਲ ਪੰਜਾਬ ਦੀ ਮਜ਼ਬੂਤ ਨੀਂਹ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH