ਤੰਬਾਕੂ ਦੀ ਵਰਤੋਂ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ
ਪਟਿਆਲਾ, 12 ਅਗਸਤ (ਹਿੰ.ਸ.)| ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦਾ ਤਾਲਮੇ
ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ।


ਪਟਿਆਲਾ, 12 ਅਗਸਤ (ਹਿੰ.ਸ.)| ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦਾ ਤਾਲਮੇਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਐਨ.ਟੀ.ਸੀ.ਪੀ.) ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ।

ਮੀਟਿੰਗ ਵਿੱਚ ਸਮੂਹ ਐੱਸ.ਐੱਮ.ਓਜ਼, ਪ੍ਰੋਗਰਾਮ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਲੋਕਾਂ ਨੂੰ ਇਸ ਦੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਧਿਕਾਰੀਆਂ ਨੂੰ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ (ਕੋਟਪਾ) ਦੀਆਂ ਵੱਖ-ਵੱਖ ਧਾਰਾਵਾਂ ਅਤੇ ਉਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਰੋਕਣ, ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਦੂਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ’ਤੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਐਡਵੋਕੇਟ ਆਸਥਾ ਬੱਗਾ ਅਤੇ ਐਡਵੋਕੇਟ ਗਗਨ ਕੌਰ ਵੱਲੋਂ ਵਿਸ਼ੇਸ਼ ਪ੍ਰਜ਼ੈਂਟੇਸ਼ਨ ਦਿੱਤੀ ਗਈ। ਉਨ੍ਹਾਂ ਨੇ ਕੋਟਪਾ ਐਕਟ ਦੇ ਪ੍ਰਬੰਧਾਂ, ਤੰਬਾਕੂ ਦੀ ਵਰਤੋਂ ਨਾਲ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਤੰਬਾਕੂ ਕੰਟਰੋਲ ਲਈ ਵੱਖ-ਵੱਖ ਵਿਭਾਗਾਂ ਦੀ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੰਬਾਕੂ ਕੰਟਰੋਲ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਘਟਾਉਣ ਦੀ ਜ਼ਿੰਮੇਵਾਰੀ ਸਿਰਫ਼ ਸਿਹਤ ਵਿਭਾਗ ਤੱਕ ਸੀਮਿਤ ਨਹੀਂ ਹੈ, ਸਗੋਂ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।

ਮੀਟਿੰਗ ਵਿੱਚ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ’ਤੇ ਜ਼ੋਰ ਦਿੱਤਾ ਗਿਆ। ਕਮੇਟੀ ਦੀ ਮੀਟਿੰਗ ਨੂੰ ਸਫ਼ਲ ਬਣਾਉਣ ਵਿੱਚ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande