
ਪਟਿਆਲਾ, 12 ਅਗਸਤ (ਹਿੰ.ਸ.)| ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਿੱਚ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਹੋਏ ਵਾਧੇ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਕਮਿਸ਼ਨ ਵੀ ਸਰਕਾਰ ਨਾਲ ਮਿਲ ਕੇ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਤੇ ਭਲਾਈ ਲਈ ਲਗਾਤਾਰ ਕੰਮ ਕਰ ਰਿਹਾ ਹੈ।
ਚੰਦਨ ਗਰੇਵਾਲ ਅੱਜ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨਾ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪੂਰੀ ਗੰਭੀਰਤਾ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਪਣੀਆਂ ਵੱਖ-ਵੱਖ ਮੰਗਾਂ ਚੇਅਰਮੈਨ ਦੇ ਸਾਹਮਣੇ ਰੱਖੀਆਂ। ਚੰਦਨ ਗਰੇਵਾਲ ਨੇ ਸਾਰੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਇਨ੍ਹਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਜਲਦ ਹੱਲ ਕਰਵਾਉਣ ਲਈ ਕੰਮ ਕਰੇਗਾ।
ਉਨ੍ਹਾਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਸੁਚੱਜਾ ਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮਿਲੇਗਾ।
ਇਸ ਮੌਕੇ ਮੇਅਰ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ, ਜੁਆਇੰਟ ਕਮਿਸ਼ਨਰ ਸਿਮਰਪ੍ਰੀਤ ਕੌਰ ਸਮੇਤ ਨਗਰ ਨਿਗਮ ਦੇ ਅਧਿਕਾਰੀ ਅਤੇ ਸਫਾਈ ਕਰਮਚਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH