
ਫਗਵਾੜਾ, 12 ਅਗਸਤ (ਹਿੰ.ਸ.)| ਫਗਵਾੜਾ ਵਿਖੇ 13 ਅਗਸਤ ਨੂੰ ਹੋਣ ਵਾਲੇ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਦਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐਸਐਸਪੀ ਗੌਰਵ ਤੂਰਾ ਨੇ ਜਾਇਜ਼ਾ ਲਿਆ। ਅਧਿਕਾਰੀਆਂ ਨੇ ਸਕੂਲ ਆਫ਼ ਐਮੀਨੈਂਸ ਦੇ ਖੇਡ ਮੈਦਾਨ ਵਿੱਚ ਪਹੁੰਚ ਕੇ ਸਟੇਜ, ਬੈਠਣ ਦੇ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਦਾ ਨਿਰੀਖਣ ਕੀਤਾ।
ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸ਼ਰਧਾਲੂ ਵਜੋਂ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਸਮਾਗਮ ਦੌਰਾਨ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਵੱਲੋਂ ਵਿਸ਼ੇਸ਼ ਪੇਸ਼ਕਾਰੀ ਦਿੱਤੀ ਜਾਵੇਗੀ।
ਜਾਇਜ਼ਾ ਲੈਣ ਦੌਰਾਨ ਐਮਪੀ ਡਾ. ਰਾਜ ਕੁਮਾਰ ਚੱਬੇਵਾਲ, ਡੀਸੀ ਅਕਾਸ਼ ਬਾਂਸਲ ਅਤੇ ਐਸਐਸਪੀ ਗੌਰਵ ਤੂਰਾ ਨੇ ਸਟੇਜ, ਦਰਸ਼ਕਾਂ ਲਈ ਬੈਠਣ ਦੀ ਵਿਵਸਥਾ, ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ ਸਪਲਾਈ, ਸਿਹਤ ਸੇਵਾਵਾਂ, ਅੱਗ ਬੁਝਾਊ ਪ੍ਰਬੰਧਾਂ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਬੁੱਧਵਾਰ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਰੱਖਣ ’ਤੇ ਜ਼ੋਰ ਦਿੱਤਾ ਤਾਂ ਜੋ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ।
ਡੀਸੀ ਅਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਜ਼ਿੰਮੇਵਾਰੀਆਂ ਪੂਰੀਆਂ ਕਰਨ ਅਤੇ ਸਫ਼ਾਈ, ਜਨਤਕ ਸਹੂਲਤਾਂ, ਐਮਰਜੈਂਸੀ ਰਿਸਪਾਂਸ, ਪਾਣੀ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕਿਹਾ।
ਐਸਐਸਪੀ ਗੌਰਵ ਤੂਰਾ ਨੇ ਸੁਰੱਖਿਆ ਅਤੇ ਟ੍ਰੈਫਿਕ ਮੈਨੇਜਮੈਂਟ ਪਲਾਨ ਦਾ ਜਾਇਜ਼ਾ ਲੈਂਦਿਆਂ ਭੀੜ ਪ੍ਰਬੰਧਨ, ਪਾਰਕਿੰਗ ਅਤੇ ਵਾਹਨਾਂ ਦੀ ਸੁਚਾਰੂ ਆਵਾਜਾਈ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।
ਇਸ ਮੌਕੇ ਮੇਅਰ ਰਾਮਪਾਲ ਉੱਪਲ, ਏਡੀਸੀ ਰਣਦੀਪ ਸਿੰਘ ਹੀਰ, ਐਸਡੀਐਮ ਨਵਜੋਤ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH