
ਫਰੀਦਕੋਟ, 12 ਅਗਸਤ (ਹਿੰ.ਸ.)| ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਘਰੋਂ ਕਰੀਬ 18 ਲੱਖ ਰੁਪਏ ਦੀ ਕੀਮਤ ਦੇ 12 ਤੋਲੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਨੂੰ ਟਰੇਸ ਕਰਦਿਆਂ ਘਰ ਵਿੱਚ ਕੰਮ ਕਰਨ ਵਾਲੀ ਨੌਕਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਮੁਹੱਲਾ ਕਾਜੀਆਂ ਵਾਸੀ ਬਿੰਦੂ ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਸ਼ਿਕਾਇਤਕਰਤਾ ਦੇ ਘਰ ਘਰੇਲੂ ਕੰਮ ਕਰ ਰਹੀ ਸੀ।ਪੁਲਿਸ ਅਨੁਸਾਰ ਪੁਰਾਣਾ ਸ਼ਹਿਰ ਵਾਸੀ ਓਮ ਪ੍ਰਕਾਸ਼ ਜੋਸ਼ੀ ਨੇ ਥਾਣਾ ਸਿਟੀ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਪਤਨੀ ਨਾਲ ਧਾਰਮਿਕ ਯਾਤਰਾ ’ਤੇ ਗਏ ਹੋਏ ਸਨ। ਵਾਪਸ ਘਰ ਆਉਣ ’ਤੇ ਉਨ੍ਹਾਂ ਨੇ ਦੇਖਿਆ ਕਿ ਅਲਮਾਰੀ ਵਿੱਚ ਰੱਖੇ ਕਰੀਬ 12 ਤੋਲੇ ਸੋਨੇ ਦੇ ਗਹਿਣੇ ਗਾਇਬ ਸਨ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਜਾਂਚ ਕਰਨ ਦੌਰਾਨ ਘਰ ਵਿੱਚ ਆਉਣ-ਜਾਣ ਵਾਲੇ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਇਸ ਦੌਰਾਨ ਪਿਛਲੇ ਛੇ ਮਹੀਨਿਆਂ ਤੋਂ ਘਰ ਵਿੱਚ ਕੰਮ ਕਰ ਰਹੀ ਨੌਕਰਾਣੀ ਬਿੰਦੂ ’ਤੇ ਸ਼ੱਕ ਹੋਇਆ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਅਤੇ ਬਿੰਦੂ ਨੂੰ ਕਥਿਤ ਤੌਰ ’ਤੇ ਚੋਰੀ ਵਿੱਚ ਸ਼ਾਮਲ ਪਾਏ ਜਾਣ ’ਤੇ ਗ੍ਰਿਫ਼ਤਾਰ ਕਰ ਲਿਆ।ਥਾਣਾ ਸਿਟੀ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਿਮਾਂਡ ਦੌਰਾਨ ਉਸ ਤੋਂ ਪੁੱਛਗਿੱਛ ਕਰਕੇ ਚੋਰੀ ਕੀਤੇ ਸੋਨੇ ਦੇ ਗਹਿਣਿਆਂ ਦੀ ਬਰਾਮਦਗੀ ਕੀਤੀ ਜਾਵੇਗੀ ਅਤੇ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਸ਼ਾਮਲ ਹੈ ਜਾਂ ਨਹੀਂ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH