
ਗੁਰਦਾਸਪੁਰ, 12 ਅਗਸਤ (ਹਿੰ.ਸ.)| ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ 97 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਡੀਜੀਪੀ ਪੰਜਾਬ ਅਤੇ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਟੀਮ ਨੇ ਮੋਹਿਤ ਅਤੇ ਕਰਨ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਿਕ ਕੰਡਾ ਬਰਾਮਦ ਕੀਤਾ।
ਇਸੇ ਤਰ੍ਹਾਂ ਥਾਣਾ ਧਾਰੀਵਾਲ ਦੀ ਪੁਲਿਸ ਨੇ ਪ੍ਰਭਜੋਤ ਸਿੰਘ ਅਤੇ ਲਵਦੀਪ ਸਿੰਘ ਨੂੰ ਕਾਰ ਸਮੇਤ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਉਰਫ਼ ਗੋਲੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ ਥਾਣਾ ਤਿੱਬੜ ਦੀ ਪੁਲਿਸ ਨੇ ਸਾਹਿਲ ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH