ਮੋਗਾ ਵਿੱਚ ਪੂਰੇ ਉਤਸ਼ਾਹ, ਦੇਸ਼ ਭਗਤੀ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ: ਡਿਪਟੀ ਕਮਿਸ਼ਨਰ
ਮੋਗਾ, 12 ਅਗਸਤ (ਹਿੰ.ਸ.)| ਆਜ਼ਾਦੀ ਦਿਵਸ-2026 ਨੂੰ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।


ਮੋਗਾ, 12 ਅਗਸਤ (ਹਿੰ.ਸ.)| ਆਜ਼ਾਦੀ ਦਿਵਸ-2026 ਨੂੰ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਐਸਡੀਐਮ ਸਤਵਿੰਦਰ ਪਾਲ ਰਣੀਕੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ। ਸਮਾਗਮ ਦੌਰਾਨ ਦੇਸ਼ ਭਗਤੀ ਦੀ ਭਾਵਨਾ ਦੇ ਨਾਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਦਰਸਾਇਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਦੀ ਸਫ਼ਾਈ, ਸਜਾਵਟ, ਬੈਠਣ, ਪੀਣ ਵਾਲੇ ਪਾਣੀ, ਬਿਜਲੀ, ਆਵਾਜਾਈ, ਪਾਰਕਿੰਗ, ਸੁਰੱਖਿਆ ਅਤੇ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਮੀਟਿੰਗ ਦੌਰਾਨ ਪਰੇਡ, ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ ਅਤੇ ਦੇਸ਼ ਭਗਤੀ ਦੇ ਗੀਤਾਂ ਸਬੰਧੀ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ। ਸਿੱਖਿਆ ਵਿਭਾਗ ਨੂੰ ਸਕੂਲੀ ਵਿਦਿਆਰਥੀਆਂ ਦੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਗੁਣਵੱਤਾ ਅਤੇ ਅਨੁਸ਼ਾਸਨ ਯਕੀਨੀ ਬਣਾਉਣ ਲਈ ਕਿਹਾ ਗਿਆ।

ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਲਈ ਯੋਜਨਾ ਬਣਾਉਣ, ਜਦਕਿ ਸਿਹਤ ਵਿਭਾਗ ਨੂੰ ਮੈਡੀਕਲ ਟੀਮ ਅਤੇ ਐਂਬੂਲੈਂਸ ਉਪਲਬਧ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਸੰਸਥਾਵਾਂ ਨੂੰ ਸਫ਼ਾਈ ਅਤੇ ਸੈਨੀਟੇਸ਼ਨ ਦੇ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋ ਕੇ ਇਸ ਰਾਸ਼ਟਰੀ ਤਿਉਹਾਰ ਦੀ ਸ਼ਾਨ ਵਧਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande