
ਫਰੀਦਕੋਟ, 12 ਅਗਸਤ (ਹਿੰ.ਸ.)| ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਇੱਕ ਹਵਾਲਾਤੀ ਦੀ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਵਜੋਂ ਹੋਈ ਹੈ। ਉਹ ਨਸ਼ਾ ਤਸਕਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਸੀ।ਜਾਣਕਾਰੀ ਅਨੁਸਾਰ, ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਭੁਪਿੰਦਰ ਸਿੰਘ ਨੂੰ 14 ਮਈ 2026 ਨੂੰ ਐਨਡੀਪੀਐਸ ਐਕਟ ਤਹਿਤ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 15 ਮਈ 2026 ਤੋਂ ਉਸ ਨੂੰ ਕੇਂਦਰੀ ਮਾਡਰਨ ਜੇਲ੍ਹ, ਫਰੀਦਕੋਟ ਵਿੱਚ ਰੱਖਿਆ ਗਿਆ ਸੀ।ਜੇਲ੍ਹ ਪ੍ਰਸ਼ਾਸਨ ਮੁਤਾਬਕ 11 ਅਗਸਤ 2026 ਨੂੰ ਜੇਲ੍ਹ ਵਿੱਚ ਬੰਦ ਭੁਪਿੰਦਰ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਹਾਲਤ ਵਿਗੜਨ ’ਤੇ ਉਸ ਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ, ਪਰ ਮੰਗਲਵਾਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਜੇਲ੍ਹ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਵੱਲੋਂ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਤਹਿਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH