
ਪੰਚਕੂਲਾ, 12 ਅਗਸਤ (ਹਿੰ.ਸ.)| ਚੰਡੀਮੰਦਰ ਟੋਲ ਨੇੜੇ ਬੁੱਧਵਾਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਬਾਈਕ ’ਤੇ ਸਵਾਰ 19 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਸੈਕਟਰ-6 ਸਥਿਤ ਨਾਗਰਿਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਟਿਪਰਾ, ਕਾਲਕਾ ਦੇ ਰਹਿਣ ਵਾਲੇ ਦੋਵੇਂ ਨੌਜਵਾਨ ਕਿਸੇ ਕੰਮ ਲਈ ਮੋਟਰਸਾਈਕਲ ਉੱਤੇ ਪੰਚਕੂਲਾ ਆ ਰਹੇ ਸਨ। ਚੰਡੀਮੰਦਰ ਟੋਲ ਨੇੜੇ ਉਨ੍ਹਾਂ ਦੀ ਮੋਟਰਸਾਈਕਲ ਅਚਾਨਕ ਡਿਵਾਈਡਰ ਨਾਲ ਟਕਰਾ ਗਈ। ਟੱਕਰ ਕਾਰਨ ਮੋਟਰਸਾਈਕਲ ਸਵਾਰ ਮੋਨੂ (20) ਸੜਕ ’ਤੇ ਜਾ ਡਿੱਗਿਆ ਅਤੇ ਇਸੇ ਦੌਰਾਨ ਉਥੋਂ ਲੰਘ ਰਹੀ ਬੱਸ ਦੀ ਚਪੇਟ ਵਿੱਚ ਆ ਗਿਆ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਵਿੱਚ ਮੋਟਸਾਈਕਲ ਸਵਾਰ ਨੀਰਜ ਕੁਮਾਰ (19) ਵੀ ਗੰਭੀਰ ਜ਼ਖ਼ਮੀ ਹੋ ਗਿਆ। ਨੀਰਜ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਰਾਹਗੀਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH