
ਕਪੂਰਥਲਾ, 13 ਅਗਸਤ (ਹਿੰ.ਸ.)| ਪੰਥਕ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਸਰਗਰਮ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਜਗਜੀਤ ਸਿੰਘ ਧਾਲੀਵਾਲ ਉਰਫ਼ ‘ਜੱਗਾ ਬਾਬਾ’ ਨੂੰ ਵਿਧਾਨ ਸਭਾ ਹਲਕਾ ਕਪੂਰਥਲਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜੱਗਾ ਬਾਬਾ ਕਪੂਰਥਲਾ ਖੇਤਰ ਵਿੱਚ ਸਮਾਜ ਸੇਵਾ ਲਈ ਜਾਣੇ ਜਾਂਦੇ ਹਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਨਸ਼ਿਆਂ ਦੀ ਲਪੇਟ ਵਿੱਚ ਆਏ ਸੈਂਕੜੇ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਆਮ ਜ਼ਿੰਦਗੀ ਵੱਲ ਪਰਤਣ ਲਈ ਸਹਾਇਤਾ ਦਿੱਤੀ ਗਈ ਹੈ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਦੱਸੀ ਜਾਂਦੀ ਹੈ। ਇਸ ਤੋਂ ਇਲਾਵਾ ਉਹ ਇਲਾਕੇ ਦੇ ਸੰਤਾਂ-ਮਹਾਂਪੁਰਸ਼ਾਂ ਨਾਲ ਨੇੜਤਾ ਰੱਖਣ ਦੇ ਨਾਲ ਸਿੱਖ ਕੌਮ ਨਾਲ ਸਬੰਧਤ ਕਾਰਜਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ।
ਇਸ ਨਿਯੁਕਤੀ ਨਾਲ ਜੱਗਾ ਬਾਬਾ ਨੇ ਰਸਮੀ ਤੌਰ ’ਤੇ ਸਰਗਰਮ ਸਿਆਸਤ ਵਿੱਚ ਕਦਮ ਰੱਖਿਆ ਹੈ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਵਿੱਚ ਵੀ ਅਹਿਮ ਭੂਮਿਕਾ ਨਿਭਾਉਣ ਦਾ ਦਾਅਵਾ ਕੀਤਾ ਗਿਆ ਹੈ।
ਇਸ ਸਮੇਂ ਕੈਨੇਡਾ ਦੌਰੇ ’ਤੇ ਗਏ ਜੱਗਾ ਬਾਬਾ ਨੇ ਫੋਨ ਰਾਹੀਂ ਗੱਲਬਾਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਹ ਅਗਲੇ ਹਫ਼ਤੇ ਪੰਜਾਬ ਪਰਤ ਰਹੇ ਹਨ।
ਜੱਗਾ ਬਾਬਾ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਬਿਨਾਂ ਕਿਸੇ ਭੇਦਭਾਵ ਦੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਹਲਕੇ ਦੇ ਨੌਜਵਾਨਾਂ ਨੂੰ ਸਹੀ ਰਸਤੇ ’ਤੇ ਲਿਆਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਕਪੂਰਥਲਾ ਹਲਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH