
ਚੰਡੀਗੜ੍ਹ, 13 ਅਗਸਤ (ਹਿੰ.ਸ.)| ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਕਾਇਰਾਨਾ ਕੋਸ਼ਿਸ਼ ਕਰਾਰ ਦਿੰਦਿਆਂ ਸਖ਼ਤ ਨਿੰਦਾ ਕੀਤੀ ਹੈ। ਬਿੱਟੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ।
ਬਿੱਟੂ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਸੁਖਬੀਰ ਬਾਦਲ ਦੀ ਜਾਨ ’ਤੇ ਹੋਇਆ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਗੁਰਧਾਮਾਂ ਵਿੱਚ ਹਿੰਸਾ ਅਤੇ ਡਰਾਉਣ-ਧਮਕਾਉਣ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।
ਭਾਜਪਾ ਆਗੂ ਨੇ ਕਿਹਾ ਕਿ ਹਮਲੇ ਦੇ ਪਿੱਛੇ ਦੇ ਅਸਲ ਕਾਰਨਾਂ ਨੂੰ ਸਾਹਮਣੇ ਲਿਆਉਣ ਲਈ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਬਿੱਟੂ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਜਾਂਚ ਦੌਰਾਨ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸੇਵਾ, ਹਿੰਮਤ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ ਅਤੇ ਪਵਿੱਤਰ ਸਥਾਨਾਂ ’ਤੇ ਹਿੰਸਕ ਘਟਨਾਵਾਂ ਇਨ੍ਹਾਂ ਸਿਧਾਂਤਾਂ ਦੇ ਉਲਟ ਹਨ। ਬਿੱਟੂ ਨੇ ਅੰਤ ਵਿੱਚ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH