
ਅੰਮ੍ਰਿਤਸਰ, 13 ਅਗਸਤ (ਹਿੰ.ਸ.)| ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਅਤੇ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਵੀਰਵਾਰ ਨੂੰ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਪੰਜਾਬ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਣ ’ਤੇ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਰਦਾਸ ਹੈ ਕਿ ਯੂ.ਕੇ. ਦੇ ਨਾਲ-ਨਾਲ ਭਾਰਤ ਅਤੇ ਖਾਸ ਕਰਕੇ ਪੰਜਾਬ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਹਾਸਲ ਕਰੇ।ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 10 ਸਾਲਾਂ ਤੋਂ ਐਮ.ਪੀ. ਵਜੋਂ ਅਤੇ ਪਿਛਲੇ ਦੋ ਸਾਲਾਂ ਤੋਂ ਡਿਫੈਂਸ ਕਮੇਟੀ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਨਿਭਾਉਣ ਲਈ ਗੁਰੂ ਸਾਹਿਬ ਉਨ੍ਹਾਂ ਨੂੰ ਬਲ ਅਤੇ ਬੁੱਧੀ ਬਖਸ਼ਣ।ਕਰਤਾਰਪੁਰ ਸਾਹਿਬ ਕੋਰੀਡੋਰ ਬਾਰੇ ਗੱਲ ਕਰਦਿਆਂ ਢੇਸੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਸਰਕਾਰ ਅੱਗੇ ਕਰਤਾਰਪੁਰ ਸਾਹਿਬ ਦਾ ਲਾਂਘਾ ਵੱਧ ਤੋਂ ਵੱਧ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇਗਾ।ਢੇਸੀ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਨਾਲ ਵੀ ਮੁਲਾਕਾਤ ਹੋਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਨ੍ਹਾਂ ਦਾ ਰਸਮੀ ਤੌਰ ’ਤੇ ਸਵਾਗਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਨਾਲ ਸਬੰਧਤ ਵੱਖ-ਵੱਖ ਮੁੱਦੇ ਵੀ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਗਏ ਹਨ।ਤਨਮਨਜੀਤ ਸਿੰਘ ਢੇਸੀ ਨੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਕੇ. ਸਮੇਤ ਵੱਖ-ਵੱਖ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਧੀਆਂ ਹਵਾਈ ਸੇਵਾਵਾਂ ਨਾਲ ਪੰਜਾਬ ਵਿੱਚ ਵਪਾਰ, ਕਾਰੋਬਾਰ ਅਤੇ ਸੈਰ-ਸਪਾਟੇ ਨੂੰ ਹੋਰ ਹੁਲਾਰਾ ਮਿਲ ਸਕਦਾ ਹੈ।ਢੇਸੀ ਨੇ ਪੰਜਾਬ ਵਿੱਚ ਫਿਰੌਤੀਆਂ ਅਤੇ ਫਿਰੌਤੀ ਕਲਚਰ ਦੇ ਮੁੱਦੇ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਭਾਰਤ, ਯੂ.ਕੇ., ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਦੀਆਂ ਸਰਕਾਰਾਂ ਨੂੰ ਆਪਸੀ ਤਾਲਮੇਲ ਨਾਲ ਇਸ ਗੰਭੀਰ ਮੁੱਦੇ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਐਨ.ਆਰ.ਆਈਜ਼ ਨਾਲ ਸਬੰਧਤ ਜ਼ਮੀਨੀ ਵਿਵਾਦਾਂ ਦਾ ਸਮਾਂਬੱਧ ਢੰਗ ਨਾਲ ਜਲਦ ਨਿਪਟਾਰਾ ਕਰਨ ਦੀ ਅਪੀਲ ਕੀਤੀ, ਤਾਂ ਜੋ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਲੰਬਾ ਇੰਤਜ਼ਾਰ ਨਾ ਕਰਨਾ ਪਵੇ।
ਹਿੰਦੂਸਥਾਨ ਸਮਾਚਾਰ / GURSHARAN SINGH