
ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜਨਤਕ ਥਾਵਾਂ ’ਤੇ ਕੀਤਾ ਜਾ ਰਿਹਾ ਬੂਟੇ ਲਗਾਉਣ ਦਾ ਕੰਮਅੰਮ੍ਰਿਤਸਰ, 13 ਅਗਸਤ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਜ਼ਿਲ੍ਹੇ ਦੀਆਂ ਜਨਤਕ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹੇ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਮਿਲ ਕੇ ਕੰਮ ਕਰ ਰਹੀਆਂ ਹਨ। ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਨਿੱਜੀ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਦੀ ਸਹੀ ਦੇਖਭਾਲ ਕਰਕੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ। ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਦੀ ਹੋਵੇਗੀ।ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਵਾਤਾਵਰਣ ਸਿਰਜਣ ਵਿੱਚ ਅਹਿਮ ਯੋਗਦਾਨ ਪਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH