
ਮੋਹਾਲੀ, 13 ਅਗਸਤ (ਹਿੰ.ਸ.)| ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਵੀਰਵਾਰ ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ। ਇਸ ਦੌਰਾਨ ਅਧਿਕਾਰੀਆਂ ਨੇ ਸਮਾਗਮ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਾਂ ਵਿੱਚ ਰਹਿ ਗਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਬਾਕੀ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਪ੍ਰਬੰਧ ਦੀ ਮੁੜ ਜਾਂਚ ਯਕੀਨੀ ਬਣਾਉਣ ਲਈ ਕਿਹਾ।
ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀਐਸਪੀ ਖਰੜ ਈਸ਼ਾਨ ਸਿੰਗਲਾ ਨੇ ਕੀਤੀ। ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ, ਅਨੁਸ਼ਾਸਨ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ।
ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏਪੀਜੇ ਸਕੂਲ ਮੁੰਡੀ ਖਰੜ, ਐਨਪੀਐਸ ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੋਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਦੇ ਵਿਸ਼ੇਸ਼ ਬੱਚਿਆਂ ਨੇ ਭਾਗ ਲਿਆ।
ਮਾਰਚ ਪਾਸਟ ਵਿੱਚ ਸਰਕਾਰੀ ਕਾਲਜ ਫੇਜ਼-6 ਮੋਹਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੋਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐਨਸੀਸੀ ਕੈਡੇਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਲੋੜੀਂਦੀ ਪੁਲਿਸ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ 15 ਅਗਸਤ 2026 ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਹਿੰਦੂਸਥਾਨ ਸਮਾਚਾਰ / GURSHARAN SINGH