
ਚੰਡੀਗੜ੍ਹ, 13 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਬਟਾਲਾ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨੂੰ ਬੇਹੱਦ ਗੰਭੀਰ ਮਾਮਲਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਨੂੰ ਕਿਸੇ ਵੀ ਪੱਧਰ ’ਤੇ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ, ਕਿਉਂਕਿ ਇਸ ਨਾਲ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੁੰਦਾ ਹੈ।ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵਾਰ-ਵਾਰ ਧਮਕੀਆਂ ਅਤੇ ਬੰਬਾਂ ਨਾਲ ਸਬੰਧਤ ਘਟਨਾਵਾਂ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਗਰ ਨਿਗਮ ਨੂੰ ਮਿਲੀ ਧਮਕੀ ਦੀ ਤੁਰੰਤ, ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਧਮਕੀ ਦੇਣ ਵਾਲੇ ਵਿਅਕਤੀ ਜਾਂ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਸੰਵੇਦਨਸ਼ੀਲ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀ ਅਮਨ, ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਚਾਹੁੰਦੇ ਹਨ। ਸਰਕਾਰ ਦੀ ਮੁੱਖ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਹੈ, ਇਸ ਲਈ ਕਾਨੂੰਨ-ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।
ਹਿੰਦੂਸਥਾਨ ਸਮਾਚਾਰ / GURSHARAN SINGH