
ਅੰਮ੍ਰਿਤਸਰ, 13 ਅਗਸਤ (ਹਿੰ.ਸ.)| ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਦੀ ਅਗਵਾਈ ਹੇਠ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀ.ਸੀ.ਪੀ. ਇਨਵੈਸਟੀਗੇਸ਼ਨ ਅੰਮ੍ਰਿਤਸਰ ਰਵਿੰਦਰਪਾਲ ਸਿੰਘ ਸੰਧੂ ਅਤੇ ਵੱਖ-ਵੱਖ ਜ਼ੋਨਾਂ ਦੇ ਏ.ਡੀ.ਸੀ.ਪੀਜ਼ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਰਾਈਸ ਸ਼ੈਲਰ ਮਾਲਕਾਂ ਦੀ ਸੁਰੱਖਿਆ ਅਤੇ ਕਾਰੋਬਾਰੀ ਅਦਾਰਿਆਂ ਨਾਲ ਸਬੰਧਤ ਸੁਰੱਖਿਆ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਈਸ ਸ਼ੈਲਰ ਮਾਲਕਾਂ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪੁਲਿਸ ਪ੍ਰਸ਼ਾਸਨ ’ਤੇ ਪੂਰਾ ਭਰੋਸਾ ਪ੍ਰਗਟ ਕਰਦਿਆਂ ਸ਼ਹਿਰ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਕਾਰੋਬਾਰੀ ਵਰਗ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਗੈਰ-ਕਾਨੂੰਨੀ, ਸ਼ੱਕੀ ਜਾਂ ਅਣਸੁਖਾਵੀਂ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਰਾਈਸ ਸ਼ੈਲਰ ਮਾਲਕਾਂ ਨੂੰ ਆਪਣੇ ਕਾਰੋਬਾਰੀ ਅਦਾਰਿਆਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖਣ, ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿੱਚ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ’ਤੇ ਤੁਰੰਤ ਨਜ਼ਰ ਰੱਖਣ ਦੀ ਅਪੀਲ ਕੀਤੀ।
ਮੀਟਿੰਗ ਨਾਲ ਪੁਲਿਸ ਪ੍ਰਸ਼ਾਸਨ ਅਤੇ ਰਾਈਸ ਸ਼ੈਲਰ ਐਸੋਸੀਏਸ਼ਨ ਵਿਚਕਾਰ ਆਪਸੀ ਤਾਲਮੇਲ ਅਤੇ ਭਰੋਸਾ ਹੋਰ ਮਜ਼ਬੂਤ ਹੋਇਆ। ਐਸੋਸੀਏਸ਼ਨ ਦੇ ਮੈਂਬਰਾਂ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਕਮਿਸ਼ਨਰੇਟ ਪੁਲਿਸ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਪ੍ਰਭਾਵਿਤ ਕਰਨ ਵਾਲੇ ਗੈਰ-ਸਮਾਜਿਕ ਤੱਤਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅਜਿਹੇ ਤੱਤਾਂ ਖ਼ਿਲਾਫ਼ ਕਾਨੂੰਨ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH