
ਹੁਸ਼ਿਆਰਪੁਰ, 13 ਅਗਸਤ (ਹਿੰ.ਸ.)| ਤਲਵਾੜਾ-ਊਨਾ ਸੂਬਾਈ ਮਾਰਗ ’ਤੇ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਖੋਖਾ ਮਾਰਕੀਟ ਨੇੜੇ ਲੇਬਰ ਚੌਕ ਵਿਖੇ ਵਾਪਰਿਆ, ਜਿੱਥੇ ਇੱਕ ਅਣਪਛਾਤੇ ਟਿੱਪਰ ਟਰੱਕ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਹਿਰਕ ਦੇ ਰਹਿਣ ਵਾਲੇ ਵਿਸ਼ੰਬਰ ਸਿੰਘ ਪੁੱਤਰ ਤ੍ਰਿਲੋਕ ਚੰਦ ਆਪਣੇ ਸਹੁਰੇ ਰਾਜਿੰਦਰ ਸਿੰਘ ਪੁੱਤਰ ਪਿਆਰੇ ਲਾਲ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਦੇ ਸੰਸਾਰਪੁਰ ਟੈਰੇਸ ਵਿਖੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਜਦੋਂ ਉਹ ਤਲਵਾੜਾ-ਊਨਾ ਮਾਰਗ ’ਤੇ ਲੇਬਰ ਚੌਕ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਅਣਪਛਾਤੇ ਟਿੱਪਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰਾਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਥੇ ਹੀ ਮੋਟਰਸਾਈਕਲ ਚਲਾ ਰਹੇ ਵਿਸ਼ੰਬਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ।ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਵਿਸ਼ੰਬਰ ਸਿੰਘ ਨੂੰ ਬੀਬੀਐੱਮਬੀ ਹਸਪਤਾਲ ਤਲਵਾੜਾ ਲਿਜਾਇਆ ਗਿਆ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 10:30 ਵਜੇ ਸੜਕ ਹਾਦਸਿਆਂ ਨਾਲ ਸਬੰਧਤ ਦੋ ਮਾਮਲੇ ਹਸਪਤਾਲ ਵਿੱਚ ਆਏ ਸਨ।ਉਨ੍ਹਾਂ ਪੁਸ਼ਟੀ ਕੀਤੀ ਕਿ ਰਾਜਿੰਦਰ ਸਿੰਘ ਨੂੰ ਹਸਪਤਾਲ ਵਿੱਚ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਸੀ, ਜਦਕਿ ਵਿਸ਼ੰਬਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਦਸੂਹਾ ਦੇ ਸ਼ਿਵਾਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਤਲਵਾੜਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਰਾਜਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬੀਬੀਐੱਮਬੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਫਿਲਹਾਲ ਪੁਲਿਸ ਨੇ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH