
ਮਾਨਸਾ, 13 ਅਗਸਤ (ਹਿੰ.ਸ.)| ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮਾਨਸਾ ਪਹੁੰਚ ਗਈ ਹੈ। ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਖਿਡਾਰੀਆਂ ਵੱਲੋਂ ਮਸ਼ਾਲ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਖੇਡ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋ ਕੇ ਨਵੰਬਰ ਮਹੀਨੇ ਤੱਕ ਚੱਲਣਗੇ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਖੇਡਾਂ ਦੀ ਮਸ਼ਾਲ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦਾ ਆਯੋਜਨ ਪਹਿਲਾਂ ਬਲਾਕ ਪੱਧਰ, ਫਿਰ ਜ਼ਿਲ੍ਹਾ ਪੱਧਰ ਅਤੇ ਅੰਤ ਵਿੱਚ ਰਾਜ ਪੱਧਰ ’ਤੇ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਇਸ ਮੁਹਿੰਮ ਵਿੱਚ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਜਸਪਿੰਦਰਵੀਰ ਸਿੰਘ ਚਹਿਲ ਨੇ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ, ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਰਾਜ ਪੱਧਰ ਤੱਕ ਪਹੁੰਚਣ ਲਈ ਮਿਹਨਤ ਕਰਨ।ਚਹਿਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਪੰਜਾਬ ਸਰਕਾਰ ਦੇ ਉਦੇਸ਼ ਨੂੰ ਸਫਲ ਬਣਾਉਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਨਸਾ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH