
ਬਟਾਲਾ, 14 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਡੱਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਸ਼ੈਰੀ ਕਲਸੀ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ।
ਪਿੰਡ ਡੱਲਾ ਵਿਖੇ ਹੋਈ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਹਲਕੇ ਵਿੱਚ ਲਗਾਤਾਰ ਲੋਕਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਨਾਲ ਸਬੰਧਤ ਕਈ ਕੰਮ ਕਰਵਾਏ ਗਏ ਹਨ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਔਰਤਾਂ ਦੀ ਭਲਾਈ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ। ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਮੁਤਾਬਕ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਔਰਤਾਂ ਲਈ ਮੁਫ਼ਤ ਬੱਸ ਸੇਵਾ ਅਤੇ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਬਟਾਲਾ ਹਲਕੇ ਦੇ ਵਿਕਾਸ ਬਾਰੇ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ ਕਈ ਹੋਰ ਕੰਮ ਪ੍ਰਗਤੀ ਅਧੀਨ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਬਟਾਲਾ ਹਲਕੇ ਦੇ ਚਹੁੰਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH