
ਚੰਡੀਗੜ੍ਹ, 14 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਿੱਜੀ ਤੌਰ ’ਤੇ ਫੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲਚਾਲ ਪੁੱਛਣ ’ਤੇ ਧੰਨਵਾਦ ਕੀਤਾ ਹੈ।ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨਾਲ ਫੋਨ ’ਤੇ ਗੱਲ ਕਰਕੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਔਖੇ ਸਮੇਂ ਦੌਰਾਨ ਨਿੱਜੀ ਚਿੰਤਾ ਪ੍ਰਗਟਾਉਣ ਅਤੇ ਭਰੋਸਾ ਦੇਣ ਲਈ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ।ਹਰਸਿਮਰਤ ਨੇ ਕਿਹਾ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਘਟਨਾ ਦੀ ਨਿਰਪੱਖ ਅਤੇ ਪ੍ਰਭਾਵਸ਼ਾਲੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਹੋਇਆ ਇਹ ਹਮਲਾ ਬੇਹੱਦ ਦਰਦਨਾਕ ਹੈ ਅਤੇ ਸਿੱਖ ਧਰਮ ਦੇ ਮੂਲ ਸਿਧਾਂਤਾਂ ਦੀ ਗੰਭੀਰ ਉਲੰਘਣਾ ਹੈ। ਉਨ੍ਹਾਂ ਉਮੀਦ ਜਤਾਈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਘਟਨਾ ਪਿੱਛੇ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਤਲਵਾਰ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਤੋਂ ਬਾਅਦ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਸੀ। ਹਮਲੇ ਦੌਰਾਨ ਸੁਖਬੀਰ ਬਾਦਲ ਜ਼ਖਮੀ ਹੋ ਗਏ ਸਨ।ਅਮਿਤ ਸ਼ਾਹ ਅਤੇ ਹਰਸਿਮਰਤ ਕੌਰ ਬਾਦਲ ਵਿਚਕਾਰ ਹੋਈ ਇਹ ਗੱਲਬਾਤ ਸਿਆਸੀ ਤੌਰ ’ਤੇ ਵੀ ਅਹਿਮ ਮੰਨੀ ਜਾ ਰਹੀ ਹੈ। ਸਤੰਬਰ 2020 ਵਿੱਚ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਤੋਂ ਵੱਖ ਹੋਣ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਦੋਵਾਂ ਆਗੂਆਂ ਵਿਚਕਾਰ ਲੰਬੇ ਸਮੇਂ ਤੱਕ ਸਿਆਸੀ ਦੂਰੀ ਰਹੀ। ਹੁਣ ਸੁਖਬੀਰ ਬਾਦਲ ’ਤੇ ਹਮਲੇ ਤੋਂ ਬਾਅਦ ਅਮਿਤ ਸ਼ਾਹ ਵੱਲੋਂ ਨਿੱਜੀ ਤੌਰ ’ਤੇ ਫੋਨ ਕਰਕੇ ਸਿਹਤ ਦਾ ਹਾਲ ਪੁੱਛਣ ਨੂੰ ਇਸ ਪਿਛੋਕੜ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH