
ਚੰਡੀਗੜ੍ਹ, 14 ਅਗਸਤ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸੂਬੇ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।
ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਦੇ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ ਪੱਧਰ ’ਤੇ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਮਿੱਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਕੰਮਾਂ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕੀਤੀ ਜਾਵੇ।
ਹਰਭਜਨ ਸਿੰਘ ਈ.ਟੀ.ਓ. ਨੇ ਮਾਨਸੂਨ ਸੀਜ਼ਨ ਦੌਰਾਨ ਸੜਕਾਂ ਦੀ ਨਿਰੰਤਰ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਆਵਾਜਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਮਾਨਸੂਨ ਦੌਰਾਨ ਜਦੋਂ ਲੁੱਕ ਦੇ ਕੰਮ ਨਹੀਂ ਹੋ ਸਕਦੇ, ਉਸ ਸਮੇਂ ਡਬਲਿਊ.ਬੀ.ਐੱਮ. ਸੜਕਾਂ ਦੀ ਰੋਲਿੰਗ ਕਰਕੇ ਉਨ੍ਹਾਂ ਨੂੰ ਬਾਰਿਸ਼ਾਂ ਤੋਂ ਬਾਅਦ ਲੁੱਕ ਪਾਉਣ ਦੇ ਕੰਮ ਲਈ ਤਿਆਰ ਰੱਖਿਆ ਜਾਵੇ। ਇਸ ਤੋਂ ਇਲਾਵਾ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨਾਲ ਸਬੰਧਤ ਆਦਮਪੁਰ ਨੇੜੇ ਹਾਈਵੇ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ ਗਿਆ।
ਲੋਕ ਨਿਰਮਾਣ ਮੰਤਰੀ ਨੇ ਸੜਕਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਰ ਪੱਧਰ ’ਤੇ ਨਿਰੰਤਰ ਜਾਂਚ ਅਤੇ ਨਿਰੀਖਣ ਕਰਨ ਦੇ ਨਾਲ-ਨਾਲ ਸਾਈਨ ਬੋਰਡ, ਲੇਨ ਮਾਰਕਿੰਗ ਅਤੇ ਕੁਆਲਿਟੀ ਕੰਟਰੋਲ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕੰਮਾਂ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਮੰਤਰੀ ਨੇ ਕਿਹਾ ਕਿ ਉਹ ਜਲਦ ਹੀ ਵਿਕਾਸ ਕਾਰਜਾਂ ਦੀ ਮੁੜ ਸਮੀਖਿਆ ਕਰਨਗੇ ਅਤੇ ਪ੍ਰਗਤੀ ਦਾ ਜਾਇਜ਼ਾ ਲੈਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH